ਪੰਜਾਬ ਆਉਣ ਤੋਂ ਪਹਿਲਾਂ ਕੇਜਰੀਵਾਲ ਦਾ ਐਲਾਨ

0
202

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿੰਨ ਰੋਜਾ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟਰ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣ ਲੱਗੇਗੀ।

ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਤੋਂ ਮੈਂ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਹਾਂ। ਭਗਵੰਤ ਮਾਨ ਜੀ ਨੇ ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਬਣਾਇਆ ਹੈ। ਅੱਜ ਉਨ੍ਹਾਂ ਨਾਲ ਉਸ ਦਾ ਉਦਘਾਟਨ ਕਰਾਂਗੇ। ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣ ਲੱਗੇਗੀ। ਇੱਕ ਗਰੀਬ ਬੱਚੇ ਨੂੰ ਚੰਗੀ ਸਿੱਖਿਆ ਮਿਲੇ, ਉਸ ਵਿੱਚ ਅਸੀਂ ਭਾਗੀਦਾਰ ਹੋਈਏ, ਇਸ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ। ਇਸ ਤੋਂ ਵੱਡਾ ਰਾਸ਼ਟਰ ਨਿਰਮਾਣ ਦਾ ਕੰਮ ਨਹੀਂ। ਮੈਂ ਅੱਜ ਉਸ ਸਕੂਲ ਨੂੰ ਦੇਖਣ ਲਈ ਬਹੁਤ ਉਤਸ਼ਾਹਿਤ ਹਾਂ। ਹੁਣ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ।

ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਤਿੰਨ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਸੂਬੇ ’ਚ 13 ਤੋਂ 15 ਸਤੰਬਰ ਤੱਕ ਹੋਣ ਵਾਲੇ ਸਮਾਗਮਾਂ ’ਚ ਹਿੱਸਾ ਲੈਣਗੇ। ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਬਾਅਦ ਦੋਵੇਂ ਅੰਮ੍ਰਿਤਸਰ ਵਿੱਚ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ।

ਉਹ 14 ਸਤੰਬਰ ਨੂੰ ਅੰਮ੍ਰਿਤਸਰ ਤੇ ਜਲੰਧਰ ਦੇ ਵਪਾਰੀਆਂ ਅਤੇ 15 ਸਤੰਬਰ ਨੂੰ ਲੁਧਿਆਣਾ ਤੇ ਮੁਹਾਲੀ ਦੇ ਵਪਾਰੀਆਂ ਨਾਲ ਟਾਊਨ ਹਾਲ ਮੀਟਿੰਗ ਕਰਨਗੇ। ਇਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਜਾਣਕਾਰੀ ਅਨੁਸਾਰ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ਼ ਐਮੀਨੈਂਸ ਖੋਲ੍ਹਣ ਦਾ ਟੀਚਾ ਮਿਥਿਆ ਗਿਆ ਹੈ।

ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਸਿਸਟਮ ਵਿੱਚ ਸੁਧਾਰ ਲਈ ਤੇ ਸਕੂਲਾਂ ਦਾ ਨਵੀਨੀਕਰਨ ਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਗਾਮੀ ਚੋਣਾਂ ਸਬੰਧੀ ਪਾਰਟੀ ਵਰਕਰਾਂ ਨਾਲ ਵੀ ਮੀਟਿੰਗ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਵਿੱਚ ਸੀਟਾਂ ਦੀ ਵੰਡ ਸਮੇਤ ਹੋਰਨਾਂ ਮੁੱਦਿਆ ’ਤੇ ਵੀ ਵਿਚਾਰ-ਚਰਚਾ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here