ਐਸ.ਏ.ਐਸ. ਨਗਰ (ਮੁਹਾਲੀ), ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉੱਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦਕਿ ਨਵੇਂ ਇੰਜਣ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸਮਰਪਿਤ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਸਮੂਹਿਕ ਵਿਕਾਸ ਲਈ ਸ਼ੁਰੂ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਲਈ ਸਖ਼ਤ ਮਿਹਨਤ ਨਾਲ ਜੁਟੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦਾ ਪੈਸਾ ਇਨ੍ਹਾਂ ਡਬਲ ਇੰਜਣਾਂ ਦੀ ਮਿੱਤਰ ਮੰਡਲੀ ਨੂੰ ਲਾਭ ਦੇਣ ਲਈ ਖ਼ੁਰਦ-ਬੁਰਦ ਕੀਤਾ ਗਿਆ ਜਿਸ ਨਾਲ ਆਮ ਆਦਮੀ ਨਿਰਾਸ਼ਾ ਦੇ ਆਲਮ ਵਿੱਚ ਡੁੱਬ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੁਣ ਨਾਮੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਲਈ ਆ ਰਹੀਆਂ ਹਨ। ਹੁਣ ਤੱਕ 450 ਉਦਯੋਗਿਕ ਇਕਾਈਆਂ ਪੰਜਾਬ ਵਿੱਚ ਆਪਣੇ ਯੂਨਿਟ ਸਥਾਪਿਤ ਕਰਨ ਲਈ ਦੂਜੇ ਰਾਜਾਂ ਤੋਂ ਆ ਚੁੱਕੀਆਂ ਹਨ। ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕਾਂ ਦਾ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਦੇ ਕੰਮਾਂ ਵਿੱਚ ਦਿ੍ਰੜ ਵਿਸ਼ਵਾਸ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ 50 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਮਿਲ ਚੁੱਕਾ ਹੈ, ਜਿਸ ਨਾਲ 2.86 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮਐਸਐਮਈਜ਼ ਰਜਿਸਟਰ ਕੀਤੀਆਂ ਗਈਆਂ ਹਨ ਜੋ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਮੁੱਖ ਮੰਤਰੀ ਨੇ ਕਿਸ਼ਤੀਆਂ ਵਿੱਚ ਸਵਾਰ ਹੋ ਕੇ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਲਈ ਰਾਹਤ ਯਕੀਨੀ ਬਣਾਈ ਜਦੋਂਕਿ ਪੁਰਾਣੀਆਂ ਸਰਕਾਰਾਂ ਸਮੇਂ ਮੁੱਖ ਮੰਤਰੀ ਅਜਿਹੇ ਕੰਮਾਂ ਲਈ ਹੈਲੀਕਾਪਟਰ ਲੈ ਕੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸੂਬੇ ਵਿੱਚ ਆਪਣਾ ਕਾਰੋਬਾਰ ਚਲਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬੀਆਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਦਾ ਦੌਰਾ ਕਰ ਰਹੇ ਹਨ
Date: