ਓਟਾਵਾ : ਭਾਰਤ ਅਤੇ ਕੈਨੇਡਾ ਵਿੱਚ ਸ਼ਬਦੀ ਜੰਗ ਜਾਰੀ ਹੈ। ਭਾਰਤ ਵੱਲੋਂ ਵੀ ਪਲਟਵਾਰ ਕੀਤੇ ਜਾ ਰਹੇ ਹਨ। ਹੁਣ ਭਾਰਤ ਨੇ ਆਪਣੇ ਨਾਗਰਿਕਾਂ ਲਈ ਇੱਕ ਟ੍ਰੈਵਲ ਐਡਵਾਇਜਰੀ ਜਾਰੀ ਕਰ ਦਿੱਤੀ ਹੈ। ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਵਿੱਚ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਕੌਂਸਲੇਟਾਂ ਵਿੱਚ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਕਿਹਾ ਹੈ। ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ। ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਭਾਰਤੀਆਂ ਵਿਰੁੱਧ ਹਿੰਸਕ ਘਟਨਾਵਾਂ ਵਾਪਰੀਆਂ ਹਨ।
ਸਰਕਾਰ ਨੇ ਆਪਣੀ ਐਡਵਾਈਜਰੀ ਵਿੱਚ ਕਿਹਾ ਹੈ, “ਕੈਨੇਡਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਨਫਰਤੀ ਅਪਰਾਧਾਂ ਦੇ ਮੱਦੇਨਜਰ, ਸਾਰੇ ਭਾਰਤੀ ਨਾਗਰਿਕਾਂ ਨੂੰ ਉੱਥੇ ਯਾਤਰਾ ਕਰਦੇ ਸਮੇਂ ਵਿਸ਼ਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।“
ਐਡਵਾਈਜਰੀ ’ਚ ਅੱਗੇ ਕਿਹਾ ਗਿਆ ਹੈ, ’ਹਾਲ ਹੀ ’ਚ ਕਈ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਦੇ ਖਿਲਾਫ ਹਿੰਸਕ ਘਟਨਾਵਾਂ ਹੋਈਆਂ ਹਨ, ਜੋ ਭਾਰਤ ਵਿਰੋਧੀ ਏਜੰਡੇ ਦੇ ਖਿਲਾਫ ਖੜੇ ਸਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸੰਭਾਵੀ ਹਿੰਸਕ ਖੇਤਰਾਂ ਵਿੱਚ ਜਾਣ ਤੋਂ ਬਚੋ।
ਕੈਨੇਡਾ ਵਿੱਚ ਭਾਰਤੀ ਹਾਈ ਕਮਿਸਨ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਉੱਥੋਂ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਸਰਕਾਰ ਨੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵਿਸੇਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾਂ ਚੌਕਸ ਰਹਿਣ ਲਈ ਕਿਹਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਕੈਨੇਡੀਅਨ ਸਰਕਾਰ ਨੇ ਅਜਿਹੀ ਹੀ ਐਡਵਾਇਜਰੀ ਜਾਰੀ ਕੀਤੀ ਸੀ।