ਸੁਖਪਾਲ ਖਹਿਰਾ ਚੰਡੀਗੜ੍ਹ ਵਿਖੇ ਕੀਤਾ ਗਿ੍ਰਫਤਾਰ
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਕਾਂਗਰਸੀ ਆਗੂਆਂ ਖਿਲਾਫ ਬਦਲਾਖੋਰੀ ਦੀ ਕਾਰਵਾਈ ਕਰਨ ਦਾ ਦੋਸ
ਵੱਖ-ਵੱਖ ਸ਼ਖ਼ਸੀਅਤਾਂ ਨੇ ਵੀ ਕੀਤਾ ਵਿਰੋਧ
ਚੰਡੀਗੜ੍ਹ : ਚੰਡੀਗੜ੍ਹ ਤੋਂ ਇੱਕ ਵੱਡੀ ਖਬਰ ਆਈ ਹੈ ਕਿ ਪੰਜਾਬ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗਿ੍ਰਫਤਾਰ ਕਰ ਲਿਆ ਹੈ। ਵਿਧਾਇਕ ਦੇ ਪਰਿਵਾਰਕ ਮੈਂਬਰਾਂ ਦਾਅਵਾ ਕੀਤਾ ਹੈ ਕਿ 2015 ਦੇ ਡਰੱਗ ਮਾਮਲੇ ’ਚ ਗਿ੍ਰਫਤਾਰ ਕੀਤਾ ਗਿਆ ਹੈ। ਵਿਧਾਇਕ ਦੇ ਪਰਿਵਾਰ ਦੇ ਮੈਂਬਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦਿਖਾਇਆ ਕਿ ਪੰਜਾਬ ਪੁਲੀਸ ਦੀ ਟੀਮ ਖਹਿਰਾ ਦੀ ਰਿਹਾਇਸ ‘ਤੇ ਉਨ੍ਹਾਂ ਨੂੰ ਗਿ੍ਰਫਤਾਰ ਕਰਨ ਪਹੁੰਚੀ ਹੈ। ਵੀਡੀਓ ’ਚ ਖਹਿਰਾ ਪੁਲੀਸ ਟੀਮ ਨਾਲ ਬਹਿਸ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਗਿ੍ਰਫਤਾਰੀ ਵਾਰੰਟ ਦਿਖਾਉਣ ਲਈ ਕਹਿ ਰਹੇ ਹਨ। ਵਿਧਾਇਕ ਛਾਪੇਮਾਰੀ ਟੀਮ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ ਦੀ ਪਛਾਣ ਵੀ ਪੁੱਛ ਰਹੇ ਹਨ, ਜਦੋਂ ਖਹਿਰਾ ਨੇ ਪੁਲੀਸ ਟੀਮ ਨੂੰ ਪੁੱਛਿਆ ਕਿ ਉਸ ਨੂੰ ਕਿੱਥੇ ਲਿਜਾਇਆ ਜਾ ਰਿਹਾ ਹੈ ਤਾਂ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਫਾਜ਼ਿਲਕਾ ਦੇ ਜਲਾਲਾਬਾਦ ਲਿਜਾਇਆ ਜਾ ਰਿਹਾ ਹੈ।
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਅਸੀਂ ਸੁਖਪਾਲ ਖਹਿਰਾ ਨਾਲ ਖੜੇ ਹਾਂ, ਉਨ੍ਹਾਂ ਨੂੰ ਬਿਨਾਂ ਵਾਰੰਟ ਗਿ੍ਰਫਤਾਰ ਕੀਤਾ: ਗਿਆ ਹੈ।
ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੁਲੀਸ ਵੱਲੋਂ ਪੁਰਾਣੇ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਗਿ੍ਰਫਤਾਰ ਕਰਨਾ ਸੂਬਾ ਸਰਕਾਰ ਸਿਆਸੀ ਬਦਲਾਖੋਰੀ ਦਾ ਕੰਮ ਹੈ ਤੇ ਸ੍ਰੋਮਣੀ ਅਕਾਲੀ ਦਲ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਦਾ ਵਿਰੋਧ ਕਰਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਹਿਲਾਂ ਇਹ ਬਦਲਾਖੋਰੀ ਦੀ ਰਾਜਨੀਤੀ ਕਾਂਗਰਸ ਸਰਕਾਰ ਵੱਲੋਂ ਕੀਤੀ ਗਈ ਤੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਸੇ ਤਹਿਤ ਜੇਲ੍ਹ ਭੇਜਿਆ ਤੇ ਹੁਣ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮੌਜੂਦਾ ਸਰਕਾਰ ਵੱਲੋਂ ਪੁਰਾਣੇ ਮਾਮਲੇ ’ਚ ਗਿ੍ਰਫਤਾਰ ਕੀਤਾ ਗਿਆ ਹੈ। ਇਹ ਦੋਵੇਂ ਆਗੂਆਂ ਵੱਲੋਂ ਵੱਡੀ ਗਿਣਤੀ ਸਮਰਥਕਾਂ ਦੇ ਨਾਲ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਨਵੇਂ ਥਾਪੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਨਿਯੁਕਤੀ ਲਈ ਸ੍ਰੀ ਅਨੰਦਪੁਰ ਸਾਹਿਬ ਇਕੱਠੇ ਹੋਏ ਸਨ।
ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫ਼ਤਾਰੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿਸ ਢੰਗ ਨਾਲ ਲੋਕਾਂ ਦੁਆਰਾ ਚੁਣੇ ਗਏ ਇਕ ਨੁਮਾਂਇਦੇ ਨੂੰ ਅਪਮਾਨਿਤ ਕਰਕੇ ਗਿ੍ਰਫ਼ਤਾਰ ਕੀਤਾ ਗਿਆ ਹੈ। ਉਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਛੋਟੀ ਸੋਚ ਦਾ ਮੁਜਾਹਰਾ ਕੀਤਾ ਹੈ। ਉਨ੍ਹਾ ਕਿਹਾ ਕਿ ਮਾਨ ਸਰਕਾਰ ਵੱਲੋਂ ਵਿਰੋਧੀ ਧਿਰਾਂ ਖ਼ਿਲਾਫ਼ ਬਦਲਾਖੋਰੀ ਦੀ ਨੀਤੀ ਤਹਿਤ ਅਪਣਾਏ ਜਾ ਰਹੇ ਅਜਿਹੇ ਹੱਥਕੰਡੇ ਨਿਖੇਧੀਯੋਗ ਹਨ।
ਢੀਂਡਸਾ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦਾ ਵਤੀਰਾ ਕਿਸੇ ਵੀ ਸਰਕਾਰ ਵਿਚ ਦੇਖਣ ਨੂੰ ਨਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਗਿ੍ਰਫ਼ਤਾਰ ਕਰਨ ਤੋਂ ਪਹਿਲਾਂ ਮਾਨ ਸਰਕਾਰ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਜਾਂਚ ਵਿਚ ਸ਼ਾਮਿਲ ਹੋਣ ਲਈ ਉਨ੍ਹਾਂ ਨੂੰ ਨੋਟਿਸ ਦੇਣਾ ਚਾਹੀਦਾ ਸੀ ਪਰ ਅਜਿਹਾ ਨਾ ਕਰਕੇ ਸਰਕਾਰ ਵਿਰੋਧੀਆਂ ਨੂੰ ਡਰਾਉਣ ਤੇ ਧਮਕਾਉਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨਾ ਵਿਰੋਧੀ ਧਿਰਾਂ ਦਾ ਕੰਮ ਹੁੰਦਾ ਹੈ। ਸੁਖਪਾਲ ਸਿੰਘ ਖਹਿਰਾ ਵੀ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਪੁਰਜ਼ੋਰ ਵਿਰੋਧ ਕਰਦੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਬਿਲਕੁਲ ਵੀ ਬਰਦਾਸ਼ਤ ਨਹੀ ਹੋ ਰਿਹਾ ਸੀ। ਜਿਸ ਕਰਕੇ ਉਨ੍ਹਾਂ ਨੇ ਇਸ ਨੂੰ ਇਕ ਨਿੱਜੀ ਮੁੱਦਾ ਬਣਾਕੇ ਸੁਖਪਾਲ ਸਿੰਘ ਖਹਿਰਾ ਨੂੰ ਗਿ੍ਰਫ਼ਤਾਰ ਕਰਕੇ ਅਪਮਾਨਿਤ ਕਰਨ ਦਾ ਕੰਮ ਕੀਤਾ ਹੈ |