ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐੱਸਵਾਈਐੱਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਲਈ ਕਿਹਾ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਵਿਚਾਲੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਵਵਿਾਦ ‘ਤੇ ਅੱਜ ਪੰਜਾਬ ਸਰਕਾਰ ਨੂੰ ਖਿਚਾਈ ਕੀਤੀ। ਅੱਜ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮਸਲੇ ’ਤੇ ਰਾਜਨੀਤੀ ਨਾ ਕਰੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ। ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਜੇ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ। ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਵਵਿਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐੱਸਵਾਈਐੱਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸੁਰੂ ਕਰਨ ਲਈ ਕਿਹਾ ਹੈ, ਜਿਸ ਵਿੱਚ ਇਹ ਦੇਖਿਆ ਜਾਣਾ ਹੈ ਕਿ ਇੱਥੇ ਕਿੰਨੀ ਜਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ। ਇਸ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ ਐੱਸਵਾਈਐੱਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਪਗ ਪੂਰੀ ਹੋ ਚੁੱਕੀ ਹੈ। ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਵਿਾਦ ਦਾ ਹੱਲ ਲੱਭਣ ਦੀ ਦਿਸਾ ‘ਚ ਕੰਮ ਕਰ ਰਹੇ ਹਾਂ। ਆਸ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸਾ ‘ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐੱਸਵਾਈਐੱਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ।