30 ਅਕਤੂਬਰ ਨੂੰ
ਚੰਡੀਗੜ੍ਹ, ਰਾਜਪਾਲ ਦੇ ਇਤਰਾਜਾਂ ਦੇ ਮੱਦੇਨਜਰ ਪੰਜਾਬ ਸਰਕਾਰ ਸੂਬਾਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਵੈਧਤਾ ਬਾਰੇ ਫੈਸਲਾ ਲੈਣ ਸਬੰਧੀ 30 ਅਕਤੂਬਰ ਨੂੰ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਏਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਨਵੰਬਰ ਮਹੀਨੇ ਦੇ ਪਹਿਲੇ ਹਫਤੇ ਇੱਕ ਵਾਰ ਫਿਰ ਵਿਧਾਨ ਸਭਾ ਜੁੜੇਗੀ। ਸੰਸਦੀ ਮਾਮਲਿਆਂ ਬਾਰੇ ਬਲਕਾਰ ਸਿੰਘ ਨੇ ਸਦਨ ਦੀ ਕਾਰਵਾਈ ਮੁਲਤਵੀ ਕਰਨ ਦਾ ਮਤਾ ਪੇਸ ਕੀਤਾ ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ। ਕਾਂਗਰਸ ਨੇ ਸੈਸ਼ਨ ਦੀ ਵੈਧਤਾ ’ਤੇ ਸਵਾਲ ਚੁੱਕੇ ਸਨ। ਇਸ ’ਤੇ ਸਪੀਕਰ ਤੇ ਮੰਤਰੀਆਂ ਨੇ ਕਿਹਾ ਕਿ ਸੈਸ਼ਨ ਪੂਰੀ ਤਰ੍ਹਾਂ ਕਾਨੂੰਨੀ ਹੈ।
ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਇਆ। ਸਦਨ ਨੇ ਅਗਨੀਵੀਰ ਅੰਮਿ੍ਰਤਪਾਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਵਿਧਾਨ ਸਭਾ ਹਾਈਟੈੱਕ ਹੋ ਗਈ ਹੈ ਕਿਉਂਕਿ ਸਾਰੇ ਮੈਂਬਰਾਂ ਦੇ ਬੈਂਚਾਂ ਦੇ ਨਾਲ-ਨਾਲ ਪ੍ਰੈੱਸ ਗੈਲਰੀ ਵਿੱਚ ਟੈਬਲੇਟ ਲਗਾਏ ਗਏ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਪੇਪਰ ਰਹਿਤ ਹੋ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰਕਾਨੂੰਨੀ ਕਹਿਣ ਦਾ ਮੁੱਦਾ ਚੁੱਕਿਆ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਰਾਜਪਾਲ ਵੱਲੋਂ ਗੈਰ-ਕਾਨੂੰਨੀ ਕਰਾਰ ਦਿੱਤੇ ਗਏ ਸੈਸਨ ’ਤੇ ਏਨੀ ਵੱਡੀ ਰਕਮ ਕਿਉਂ ਬਰਬਾਦ ਕੀਤੀ ਜਾ ਰਹੀ ਹੈ। ਸਪੀਕਰ ਨੇ ਕਿਹਾ ਕਿ ਸੈਸ਼ਨ ਵੈਧ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਤੋਂ ਕੋਈ ਸੂਚਨਾ ਨਹੀਂ ਮਿਲੀ ਅਤੇ ਸੂਚਨਾ ਮਿਲਣ ਮਗਰੋਂ ਹੀ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਪੀਕਰ ਨੇ ਸੈਸ਼ਨ ਨੂੰ ਵੈਧ ਕਰਾਰ ਦੇ ਦਿੱਤਾ ਹੈ ਅਤੇ ਕਾਂਗਰਸ ਐੱਸਵਾਈਐੱਲ ਮੁੱਦੇ ’ਤੇ ਬਹਿਸ ਤੋਂ ਭੱਜ ਰਹੀ ਹੈ
Date: