ਰਾਜਪਾਲ ਨੇ ਲੰਮੇ ਵਿਵਾਦ ਮਗਰੋਂ ਬਜਟ ਸੈਸ਼ਨ ਉਠਾਇਆ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਵਿਵਾਦ ਸੁਪਰੀਮ ਕੋਰਟ ਤੱਕ ਪੁੱਜਣ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਬਜਟ ਸੈਸ਼ਨ ਉਠਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਅਨੁਸਾਰ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ ਉਠਾਣ ਕਰ ਦਿੱਤਾ ਹੈ ਜਿਸ ਦੀ 20 ਅਕਤੂਬਰ ਦੀ ਬੈਠਕ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ। ਰਾਜਪਾਲ ਨੇ ‘ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023’ ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਰਾਜਪਾਲ ਨੇ 31 ਅਕਤੂਬਰ ਨੂੰ ਦੋ ਮਨੀ ਬਿੱਲਾਂ ‘ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023’ ਅਤੇ ‘ਭਾਰਤੀ ਸਟੈਂਪ (ਸੋਧ) ਬਿੱਲ 2023’ ਨੂੰ ਮਨਜ਼ੂਰੀ ਦੇ ਦਿੱਤੀ ਸੀ। ਸਰਕਾਰ ਵੱਲੋਂ ਰਾਜਪਾਲ ਨੂੰ ਭੇਜੇ ਗਏ ਤਿੰਨ ਮਨੀ ਬਿੱਲਾਂ ਨੂੰ ਪ੍ਰਵਾਨਗੀ ਦੇਣ ਦਾ ਕੰਮ ਹੁਣ ਮੁਕੰਮਲ ਹੋ ਗਿਆ ਹੈ। ਉਂਜ, ਵਿਧਾਨ ਸਭਾ ਵੱਲੋਂ 19-20 ਜੂਨ ਨੂੰ ਦੋ ਦਿਨਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਪਾਸ ਕੀਤੇ ਗਏ ਚਾਰ ਬਿੱਲਾਂ ’ਤੇ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।
ਬੇਸ਼ੱਕ ਰਾਜਪਾਲ ਨੇ ਜੂਨ ਵਿਚ ਹੋਈ ਵਿਸ਼ੇਸ਼ ਬੈਠਕ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਸੀ ਪ੍ਰੰਤੂ ਸਰਕਾਰ ਦੇ ਸੁਪਰੀਮ ਕੋਰਟ ਜਾਣ ’ਤੇ ਸਿਖਰਲੀ ਅਦਾਲਤ ਨੇ ਇਸ ਬੈਠਕ ਨੂੰ ਜਾਇਜ਼ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਰਾਜਪਾਲ ਬਕਾਇਆ ਪਏ ਬਿੱਲਾਂ ’ਤੇ ਫੌਰੀ ਫ਼ੈਸਲਾ ਲੈਣ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਲਈ ਹੁਣ ਸਰਦ ਰੁੱਤ ਇਜਲਾਸ ਸੱਦਣ ਦਾ ਰਾਹ ਸਾਫ਼ ਹੋ ਗਿਆ ਹੈ। ਸਰਕਾਰ ਆਉਂਦੇ ਦਿਨਾਂ ਵਿਚ ਕੈਬਨਿਟ ਮੀਟਿੰਗ ਬੁਲਾ ਕੇ ਸਰਦ ਰੁੱਤ ਇਜਲਾਸ ਸੱਦ ਸਕਦੀ ਹੈ। ਪੰਜਾਬ ਸਰਕਾਰ ਨਵੰਬਰ ਦੇ ਅਖੀਰਲੇ ਦਿਨਾਂ ਵਿਚ ਸਰਦ ਰੁੱਤ ਸਮਾਗਮ ਸੱਦਣ ਦੇ ਰੌਂਅ ਵਿਚ ਹੈ। ਚੇਤੇ ਰਹੇ ਕਿ ਪੰਜਾਬ ਸਰਕਾਰ ਨੂੰ ਰਾਜਪਾਲ ਦੇ ਫ਼ੈਸਲਿਆਂ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰਨਾ ਪਿਆ ਸੀ। 16ਵੀਂ ਵਿਧਾਨ ਸਭਾ ਦਾ ਹੁਣ ਪੰਜਵਾਂ ਸਮਾਗਮ ਹੋਵੇਗਾ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਜੂਦਾ ਸੈਸ਼ਨ ਮੁਲਤਵੀ ਕਰਾਉਣ ਲਈ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਹਰੀ ਝੰਡੀ ਦੇ ਦਿੱਤੀ ਸੀ।