ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਇਸ ਤਹਿਤ ਪੰਜਾਬ ਵਿੱਚ ਦੋ ਵੱਡੇ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਇੱਕ ਪ੍ਰਦਰਸ਼ਨ ਮਾਝਾ ਤੇ ਦੂਜਾ ਰੋਸ ਪ੍ਰਦਰਸ਼ਨ ਮਾਲਵੇ ਵਿੱਚ ਹੋਏਗਾ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਦਾ ਇਕੱਠ ਕਰਨ ਦੀ ਪਲਾਨਿੰਗ ਕੀਤਾ ਜਾ ਰਹੀ ਹੈ।
ਦਰਅਸਲ ਉੱਤਰੀ ਭਾਰਤ ਦੇ ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਸੋਮਵਾਰ ਨੂੰ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ।
ਕਿਸਾਨ ਲੀਡਰਾਂ ਪੰਧੇਰ ਤੇ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਭਾਰਤੀ ਪੱਧਰ ‘ਤੇ ਕਿਸਾਨ ਜਥੇਬੰਦੀਆਂ ਵੱਡੇ ਸੰਘਰਸ਼ ਦੀ ਤਿਆਰੀ ਕਰ ਰਹੀਆਂ ਹਨ। ਇਸੇ ਤਹਿਤ 2 ਜਨਵਰੀ ਨੂੰ ਮਾਝੇ ਦੇ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਮਾਲਵਾ ਦੇ ਬਰਨਾਲਾ ਵਿੱਚ ਲੱਖਾਂ ਲੋਕ ਇਕੱਠੇ ਹੋ ਕੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਦੋਵਾਂ ਮੰਚਾਂ ਤੋਂ ਕੇਂਦਰ ਸਰਕਾਰ ਤੋਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ, ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਤੇ ਸੀ2+50% ਫਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ਦਾ ਭਾਅ ਦੇਣ ਤੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲਖੀਮਪੁਰ ਖੇੜੀ ਕਤਲ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ, ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਵਰਗੀਆਂ ਪਿਛਲੀਆਂ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਮੰਗਾਂ ਹਨ, ਜੋ ਪੂਰੀਆਂ ਨਹੀਂ ਹੋਈਆਂ।
ਕਿਸਾਨਾਂ ਨੇ ਦਿੱਲੀ ਮੋਰਚੇ ਸਮੇਤ ਦੇਸ਼ ਭਰ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਬਿਜਲੀ ਖੇਤਰ ਦਾ ਨਿੱਜੀਕਰਨ ਕਰਨ ਲਈ ਬਿਜਲੀ ਸੋਧ ਬਿੱਲ ਲਾਗੂ ਨਾ ਕਰਨ ਬਾਰੇ ਵੀ ਸਰਕਾਰ ਨਾਲ ਸਹਿਮਤੀ ਬਣੀ ਸੀ ਪਰ ਇਨ੍ਹਾਂ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ ਗਿਆ।
