ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਏਗਾ: ਬਾਦਲ
ਚਮਕੌਰ ਸਾਹਿਬ:ਸ੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖਤ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਵਿੱਚ ਪੂਰੀ ਸਰਗਰਮੀ ਨਾਲ ਸਮੂਲੀਅਤ ਕਰੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਏਗੀ। ਇਹ ਐਲਾਨ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸਾਹਿਬਜਾਦਾ ਬਾਬਾ ਅਜੀਤ ਸਿੰਘ ਸਾਹਿਬਜਾਦਾ ਬਾਬਾ ਜੁਝਾਰ ਸਿੰਘ ਸਮੇਤ 40 ਸਿੰਘਾਂ ਸਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਉਸ ਸਮੇਂ ਦੌਰਾਨ ਸਿੱਖ ਪੰਥ ਦੀਆਂ ਭਾਵਨਾਵਾਂ ਅਨੁਸਾਰ ਜੋ ਵੀ ਕਾਰਵਾਈਆਂ ਕੀਤੀਆਂ, ਉਹ ਉਨ੍ਹਾਂ ਦੀ ਕਾਨੂੰਨ ਅਨੁਸਾਰ ਜੋ ਸਜਾ ਬਣਦੀ ਸੀ ਉਹ ਉਸ ਤੋਂ ਵੀ ਵੱਧ ਭੁਗਤ ਚੁੱਕੇ ਹਨ। ਦੇਸ ਦੇ ਗ੍ਰਹਿ ਮੰਤਰੀ ਅਮਿਤ ਸਾਹ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਲੋਕ ਸਭਾ ਵਿੱਚ ਦਿੱਤੇ ਬਿਆਨ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ੍ਰੀ ਬਾਦਲ ਨੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਜੇ ਦੇਸ ਦੇ ਪ੍ਰਧਾਨ ਮੰਤਰੀ ਰਜੀਵ ਗਾਂਧੀ ਦੇ ਕਾਤਲਾਂ ਨੂੰ ਅਤੇ ਬਿਲਕੀਸ ਬਾਨੋ ਕੇਸ ਵਿੱਚ ਸਾਮਿਲ ਮੁਲਜਮਾਂ ਨੂੰ ਸਮੇਂ ਤੋਂ ਪਹਿਲਾਂ ਛੱਡਿਆ ਜਾ ਸਕਦਾ ਹੈ ਤਾਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕਿਉਂ ਨਹੀਂ ਕੀਤਾ ਜਾ ਰਿਹਾ? ਇਸ ਤੋਂ ਪਹਿਲਾਂ ਸ੍ਰੀ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਥੀਆਂ ਸਮੇਤ ਲਗਾਏ ਮੇਰੀ ਦਸਤਾਰ ਮੇਰੀ ਸਾਨ ਕੈਂਪ ਵਿੱਚ ਭਾਗ ਲਿਆ ਅਤੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਹਰਮੋਹਣ ਸਿੰਘ ਸੰਧੂ, ਜਲ੍ਹਿਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ , ਬਲਦੇਵ ਸਿੰਘ ਅਤੇ ਲਖਵੀਰ ਸਿੰਘ ਲੱਖੀ ਹਾਜਰ ਸਨ।