ਪੰਜਾਬ ਸਰਕਾਰ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਹੋਰ ਮੌਤਾਂ ਲਈ ‘ਆਪ’ ਜ਼ਿੰਮੇਵਾਰ : ਰਾਜਾ ਵੜਿੰਗ
ਚੰਡੀਗੜ੍ਹ : ਕਿਸਾਨੀ ਮੰਗਾਂ ਲਈ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਸੰਘਰਸ਼ ਦੌਰਾਨ ਨੌਜਵਾਨ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਕਿਸਾਨ ਦੀ ਮੌਤ ’ਤੇ ਜਿਥੇ ਰਾਜਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਉੱਥੇ ਹੀ ਇਕ ਦੂਜੇ ’ਤੇ ਦੂਸ਼ਣਬਾਜੀ ਵੀ ਕੀਤੀ ਜਾ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਫ਼ਦ ਨੇ ਮੁੱਖ ਸਕੱਤਰ ਨੂੰ ਮੁੱਖ ਮੰਤਰੀ ਦੇ ਨਾਮ ਪੱਤਰ ਸੌਂਪਿਆ ਹੈ। ਪੱਤਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਜੇ ਸੂਬਾ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਕਿਸਾਨਾਂ ਦੀਆਂ ਹੋਰ ਮੌਤਾਂ ਲਈ ‘ਆਪ’ ਜ਼ਿੰਮੇਵਾਰ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹਰਿਆਣਾ ਪੁਲੀਸ ਜੋ ਕਰ ਰਹੀ ਹੈ ਉਹ ਪੂਰੀ ਤਰ੍ਹਾਂ ਅਣਮਨੁੱਖੀ ਅਤੇ ਗੈਰ-ਲੋਕਤੰਤਰੀ ਹੈ।