ਵਪਾਰੀਆਂ ਨੂੰ ਸਹੂਲਤਾਂ ਦੇਣ ’ਚ ਕੋਈ ਕਸਰ ਨਹੀਂ ਛੱਡਾਂਗੇ: ਮਾਨ
ਪਠਾਨਕੋਟ/ਦੀਨਾਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਕੀਤੀ ਗਈ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ ’ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਜਦ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਮੁੱਖ ਸਕੱਤਰ ਅਨੁਰਾਗ ਵਰਮਾ, ਡਿਪਟੀ ਕਮਿਸ਼ਨਰ ਅਦਿੱਤਿਆ ਉਪਲ, ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ, ਚੇਅਰਮੈਨ ਪੀਟੀਡੀਸੀ ਵਿਭੂਤੀ ਸ਼ਰਮਾ, ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਗੁਪਤਾ, ਵਪਾਰ ਮੰਡਲ ਦੇ ਆਗੂ ਐਲਆਰ ਸੋਢੀ, ਸੁਨੀਲ ਮਹਾਜਨ, ਮਨਿੰਦਰ ਸਿੰਘ ਲੱਕੀ, ਅਨਿਲ ਤ੍ਰੇਹਨ ਅਤੇ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।
ਮੁੱਖ ਮੰਤਰੀ ਨੇ ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸਨੀ ਦਿਓਲ ਉਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬਾਵਜੂਦ ਉਹ ਪਠਾਨਕੋਟ ਦੀ ਭੂਗੋਲਿਕਤਾ ਤੋਂ ਅਣਜਾਣ ਹਨ ਅਤੇ ਉਹ ਸ਼ਰਤ ਲਾ ਸਕਦੇ ਹਨ ਕਿ ਸਨੀ ਦਿਓਲ ਨੂੰ ਇਹ ਪਤਾ ਨਹੀਂ ਹੋਣਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਧਾਰ ਕਲਾਂ ਜਾਂ ਚਮਰੌੜ ਕਿੱਥੇ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਲੋਕਾਂ ਨੇ ਇਸ ਬੌਲੀਵੁੱਡ ਸਟਾਰ ਨੂੰ ਚੁਣ ਕੇ ਗਲਤੀ ਕੀਤੀ ਹੈ ਜਿਸ ਦਾ ਲੋਕਾਂ ਅਤੇ ਇਲਾਕੇ ਨਾਲ ਕੋਈ ਸਬੰਧ ਨਹੀਂ ਹੈ।
