ਸ਼ੁਭਕਰਨ ਸਿੰਘ ਮੌਤ ਦੀ ਜੁਡੀਸ਼ਲ ਜਾਂਚ ਦੇ ਹੁਕਮ
ਚੰਡੀਗੜ੍ਹ : ਪੰਜਾਬ-ਹਰਿਆਣਾ ਸਰਹੱਦ ’ਤੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਕਰੀਬ ਪੰਦਰਵਾੜੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਉਸ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਵੀ ਸਾਫ਼ ਕੀਤਾ ਕਿ ਸਪੱਸ਼ਟ ਕਾਰਨਾਂ ਕਰਕੇ ਜਾਂਚ ਪੰਜਾਬ ਜਾਂ ਹਰਿਆਣਾ ਨੂੰ ਨਹੀਂ ਸੌਂਪੀ ਜਾ ਸਕਦੀ। ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੇ ਡਵੀਜ਼ਨ ਬੈਂਚ ਨੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਅਤੇ ਹਰਿਆਣਾ ਅਤੇ ਪੰਜਾਬ ਦੇ ਦੋ ਏਡੀਜੀਪੀ ਰੈਂਕ ਦੇ ਅਫ਼ਸਰਾਂ ਵਾਲੀ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ। ਰਾਜਾਂ ਵੱਲੋਂ ਅੱਜ ਸ਼ਾਮ 4 ਵਜੇ ਤੱਕ ਨਾਮ ਪੇਸ਼ ਕੀਤੇ ਜਾਣੇ ਹਨ।