ਅਸੀਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ
ਮੁਹਾਲੀ : ਸਥਾਨਕ ਮੁਹਾਲੀ ਕਲੱਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜਿਆ ਜਾਵੇਗਾ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸਮਾਗਮ ’ਚ ਵਿਸੇਸ ਤੌਰ ’ਤੇ ਪਹੁੰਚੇ। ਇਹ ਉਹੀ ਥਾਂ ਹੈ ਜਿੱਥੇ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਸੀ।
ਸ੍ਰੀ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਵਿਸੇਸ ਕੈਂਪਸ ਲਾਂਚ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਅੱਜ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਕੀਤਾ ਗਿਆ ਹੈ। ਉਨ੍ਹਾਂ ਕੇਜਰੀਵਾਲ ਨੂੰ ਕ੍ਰਾਂਤੀਕਾਰੀ ਨੇਤਾ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਰਾਜਨੀਤੀ ਦੀ ਰੂਪਰੇਖਾ ਬਦਲੀ ਹੈ। ਮੁੱਖ ਮੰਤਰੀ ਨੇ ਵਿਕਾਸਮੁਖੀ ਬਜਟ ਪੇਸ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਭਾਜਪਾ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਜਿੱਥੇ ਨਫਰਤ ਫੈਲਾਅ ਰਹੀ ਹੈ, ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਲੱਗੀ ਹੋਈ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 90 ਫੀਸਦੀ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਬੇਰੁਜਗਾਰੀ ਖਤਮ ਕਰਨ ਲਈ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਸ੍ਰੀ ਸੁਨੀਲ ਜਾਖੜ ’ਤੇ ਵਿਅੰਗ ਕਰਦਿਆਂ ਕਿਹਾ ਕਿ ਕੋਈ ਪਤਾ ਨਹੀਂ ਕੀ ਉਹ ਭਾਜਪਾ ਜਾਂ ਕਾਂਗਰਸ ਕਿਸਲ ਲਈ ਕੰਮ ਕਰ ਰਹੇ ਹਨ। ਸ੍ਰੀ ਸੁਖਦੇਵ ਸਿੰਘ ਢੀਂਡਸਾ ਦੀ ਘਰ ਵਾਪਸੀ ’ਤੇ ਕਿਹਾ ਕਿ ਸ੍ਰੀ ਢੀਂਡਸਾ ਦੀ ਵਾਪਸੀ ਪਾਰਟੀ ਵਿੱਚ ਹੋਈ ਹੈ, ਲੋਕਾਂ ਦੇ ਦਿਲਾਂ ਚੋਂ ਤਾਂ ਬਹੁਤ ਦੂਰ ਹੋ ਗਏ ਹਨ।