ਨਸ਼ੇ ਠੱਲ੍ਹਣ ਵਿੱਚ ਮੁੱਖ ਮੰਤਰੀ ਦੀ ਕਾਰਗੁਜਾਰੀ ਢਿੱਲੀ: ਬਾਜਵਾ
ਚੰਡੀਗੜ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਸੂਬੇ ’ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਵਰਤੋਂ ਨੂੰ ਠੱਲ੍ਹਣ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜਾਰੀ ਢਿੱਲੀ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਗੰਭੀਰ ਰੂਪ ਨਾਲ ਵਾਧਾ ਹੋਇਆ ਹੈ। ਇਸ ਹਫਤੇ ਨਸ਼ਿਆਂ ਨੇ ਲਗਪਗ ਛੇ ਨੌਜਵਾਨਾਂ ਦੀ ਜਾਨ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਈ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਦੀ ਸਪਲਾਈ ਚੇਨ ਨਹੀਂ ਟੁੱਟ ਰਹੀ। ਖ਼ਬਰਾਂ ਅਨੁਸਾਰ ਪੰਜਾਬ ਵਿੱਚ ਵੱਡੀ ਗਿਣਤੀ ਔਰਤਾਂ ਨਸ਼ੇ ਵੇਚਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਸ਼ਾ ਤਸਕਰੀ ਦੇ ਦੋਸ਼ ਹੇਠ 9631 ਔਰਤਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 33 ਫ਼ੀਸਦ ਔਰਤਾਂ ਪੰਜਾਬ ਨਾਲ ਸਬੰਧਤ ਹਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਨ ਦੇ ਚਾਰ ਮਹੀਨਿਆਂ ਅੰਦਰ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ 2023 ’ਚ ਆਜਾਦੀ ਦਿਵਸ ਸਬੰਧੀ ਸਮਾਗਮ ਮੌਕੇ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਖਾਤਮੇ ਲਈ ਇੱਕ ਹੋਰ ਸਾਲ ਦੀ ਮੰਗ ਕੀਤੀ ਸੀ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵਾਅਦੇ ਅਨੁਸਾਰ ਮੰਗੇ ਸਮੇਂ ਤੋਂ ਕਿਤੇ ਵੱਧ ਸਮਾਂ ਲੰਘ ਚੁੱਕਿਆ ਹੈ ਪਰ ਉਨ੍ਹਾਂ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ’ਤੇ ਲਗਾਮ ਲਗਾਉਣ ਲਈ ਇਕ ਵੀ ਕਦਮ ਨਹੀਂ ਚੁੱਕਿਆ।