ਤਲਖੀ ਮਗਰੋਂ ਭਾਖੜਾ ਡੈਮ ਦਾ ਡਾਇਰੈਕਟਰ ਅਤੇ ਸਕੱਤਰ ਤਬਦੀਲ
ਚੰਡੀਗੜ੍ਹ: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਤਬਦੀਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ ਹੈ ਤਾਂ ਜੋ ਵਾਧੂ ਪਾਣੀ ਛੱਡਣ ਦੇ ਰਾਹ ਵਿਚ ਕੋਈ ਰੁਕਾਵਟ ਨਾ ਆਵੇ। ਚੇਤੇ ਰਹੇ ਕਿ ਡਾਇਰੈਕਟਰ ਆਕਾਸ਼ਦੀਪ ਸਿੰਘ ਪੰਜਾਬ ਦੇ ਇਨਡੈਂਟ ਦੇ ਅਧਾਰ ’ਤੇ ਹੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਅੜ ਗਿਆ ਸੀ।
ਸੰਜੀਵ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ (ਡੈਮ ਸੇਫ਼ਟੀ) ਵਜੋਂ ਤਾਇਨਾਤ ਸੀ, ਉਨ੍ਹਾਂ ਦੀ ਥਾਂ ’ਤੇ ਹੁਣ ਪੰਜਾਬ ਦੇ ਆਕਾਸ਼ਦੀਪ ਸਿੰਘ ਨੂੰ ਲਗਾ ਦਿੱਤਾ ਹੈ। ਬੀਬੀਐੱਮਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਹੀ ਇਹ ਤਬਾਦਲਾ ਕੀਤਾ ਗਿਆ ਹੈ, ਜਦੋਂ ਕਿ ਆਕਾਸ਼ਦੀਪ ਸਿੰਘ ਨੇ ਲੰਘੀ ਰਾਤ ਕਰੀਬ ਪੌਣੇ ਬਾਰਾਂ ਵਜੇ ਬੀਬੀਐੱਮਬੀ ਨੂੰ ਈਮੇਲ ਜ਼ਰੀਏ ਕਿਹਾ ਹੈ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ ਹੈ। ਪੰਜਾਬ ਦੇ ਮੁੱਖ ਇੰਜਨੀਅਰ ਨੇ ਬੀਬੀਐਮਬੀ ਨੂੰ ਪੱਤਰ ਲਿਖਿਆ ਹੈ ਕਿ ਨਵੇਂ ਤਾਇਨਾਤ ਕੀਤੇ ਸੰਜੀਵ ਕੁਮਾਰ ਕੋਲ ਡੈਮ ਸੇਫ਼ਟੀ ਦਾ ਹੀ ਤਜਰਬਾ ਹੈ ਜਦੋਂ ਕਿ ਉਸ ਕੋਲ ਵਾਟਰ ਰੈਗੂਲੇਸ਼ਨ ਦਾ ਕੋਈ ਤਜਰਬਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਤਬਾਦਲਾ ਫ਼ੌਰੀ ਰੱਦ ਕੀਤਾ ਜਾਵੇ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਤੇ ਪੰਜਾਬ ਵਿੱਚ ਉੱਠੇ ਸਿਆਸੀ ਉਬਾਲ ਨੂੰ ਦੇਖਦਿਆਂ ਬੀਬੀਐੱਮਬੀ ਦੇ ਸਕੱਤਰ ਸੁਰਿੰਦਰ ਸਿੰਘ ਮਿੱਤਲ ਦਾ ਵੀ ਤਬਾਦਲਾ ਕਰ ਦਿੱਤਾ ਹੈ। ਸੁਰਿੰਦਰ ਸਿੰਘ ਮਿੱਤਲ ਹਰਿਆਣਾ ਦਾ ਰਹਿਣ ਵਾਲਾ ਹੈ ਜਿਸ ਦੀ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਮਾਮਲੇ ’ਚ ਅਹਿਮ ਭੂਮਿਕਾ ਰਹੀ ਹੈ।
