ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ: ਗਿਆਨੀ ਗੜਗੱਜ
ਅੰਮ੍ਰਿਤਸਰ : ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਚੱਲ ਰਹੇ ਵਿਵਾਦ ਬਾਰੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ ਹੈ ਅਤੇ ਇਸ ਮਾਮਲੇ ਵਿੱਚ ਸਰਕਾਰਾਂ ਵੱਲੋਂ ਪੰਜਾਬ ਨਾਲ ਧੱਕਾ ਨਹੀਂ ਕੀਤਾ ਜਾਣਾ ਚਾਹੀਦਾ। ਸ੍ਰੀ ਅਕਾਲ ਤਖ਼ਤ ਵਿਖੇ ਫਿਲਮਾਂ ਵਿੱਚ ਸਿੱਖ ਕਿਰਦਾਰ ਅਤੇ ਸਿੱਖ ਇਤਿਹਾਸ ਨੂੰ ਦਰਸਾਉਣ ਸਬੰਧੀ ਵਿਦਵਾਨਾਂ ਦੀ ਰੱਖੀ ਗਈ ਮੀਟਿੰਗ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮੁੱਦਾ ਪੀਣ ਵਾਲੇ ਪਾਣੀ ਦਾ ਮਾਮਲਾ ਨਹੀਂ ਹੈ। ਜੇ ਪੀਣ ਵਾਲੇ ਪਾਣੀ ਦਾ ਮਾਮਲਾ ਹੈ ਤਾਂ ਪਹਿਲਾਂ ਹੀ ਵਾਧੂ ਪਾਣੀ ਜਾ ਰਿਹਾ ਹੈ ਜੋ ਕਿ ਦੇਸ਼ ਦੀ ਲੋੜ ਨੂੰ ਪੂਰਾ ਕਰ ਸਕਦਾ।
ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਕਿ ਪੰਜਾਬ ਕੋਲੋਂ ਪਾਣੀ ਲੈ ਕੇ ਪੰਜਾਬ ਨੂੰ ਬੰਜਰ ਕਰ ਦਿੱਤਾ ਜਾਵੇ ਅਤੇ ਪੰਜਾਬ ਦੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਰਿਪੇਰੀਅਨ ਕਾਨੂੰਨ ਦੇ ਮੁਤਾਬਿਕ ਹੱਲ ਹੋਣਾ ਚਾਹੀਦਾ ਹੈ ਅਤੇ ਰਿਪੇਰੀਅਨ ਕਾਨੂੰਨ ਕਹਿੰਦਾ ਹੈ ਕਿ ਜਿਸ ਸੂਬੇ ਵਿੱਚ ਦਰਿਆ ਵਗਦੇ ਹਨ ਪਾਣੀ ’ਤੇ ਹੱਕ ਉਸੇ ਸੂਬੇ ਦਾ ਹੈ ਕਿਉਂਕਿ ਜਦੋਂ ਹੜ੍ਹ ਆਉਂਦੇ ਹਨ ਤਾਂ ਉਸ ਵੇਲੇ ਵੀ ਪੰਜਾਬ ਹੀ ਪ੍ਰਭਾਵਿਤ ਹੁੰਦਾ ਹੈ।
ਕੁਝ ਲੋਕਾਂ ਵੱਲੋਂ ਇਸ ਨੂੰ ਧਰਮ ਨਾਲ ਜੋੜੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ ਧਰਮ ਦਾ ਮਸਲਾ ਨਹੀਂ ਹੈ ਸਗੋਂ ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ। ਜੇ ਪੰਜਾਬ ਬੰਜਰ ਹੁੰਦਾ ਹੈ ਤਾਂ ਸਾਰੇ ਧਰਮਾਂ ਦੇ ਲੋਕ ਹੀ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਦੁਹਾਈ ਦੇ ਰਿਹਾ ਹੈ ਕਿ ਸੂਬੇ ਕੋਲ ਵਾਧੂ ਪਾਣੀ ਨਹੀਂ ਹੈ। ਇਸ ਲਈ ਪੰਜਾਬ ਨਾਲ ਧੱਕਾ ਨਾ ਕੀਤਾ ਜਾਵੇ।
ਸਰਹੱਦ ’ਤੇ ਬਣੇ ਤਣਾਅ ਵਾਲੇ ਮਾਹੌਲ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਜੰਗ ਕਦੇ ਵੀ ਕਿਸੇ ਮਸਲੇ ਦਾ ਹੱਲ ਨਹੀਂ ਹੁੰਦੀ। ਜੰਗ ਨਾਲ ਮਨੁੱਖਤਾ, ਇਨਸਾਨੀਅਤ ਅਤੇ ਖਿਤੇ ਦੇ ਜੀਵ ਜੰਤੂ ਸਭ ਨੂੰ ਨੁਕਸਾਨ ਹੁੰਦਾ ਹੈ। ਇਸ ਲਈ ਮਸਲਿਆਂ ਦਾ ਹੱਲ ਸੰਵਾਦ ਰਾਹੀਂ ਕੀਤਾ ਜਾਣਾ ਚਾਹੀਦਾ ਹੈ।
