ਪੂਤਿਨ ਵੱਲੋਂ ਮੋਦੀ ਨਾਲ ਪਹਿਲਗਾਮ ਹਮਲੇ ਦੀ ਸਖ਼ਤ ਨਿੰਦਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਇਸ ਭਿਆਨਕ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ (ਐੱਮਈਏ) ਦੇ ਅਨੁਸਾਰ ਪੂਤਿਨ ਨੇ ਮੋਦੀ ਨੂੰ ਇਹ ਵੀ ਕਿਹਾ ਕਿ ਰੂਸ ਅਤਿਵਾਦ ਵਿਰੁੱਧ ਭਾਰਤ ਦੀ ਲੜਾਈ ਦਾ ਪੂਰਾ ਸਮਰਥਨ ਕਰਦਾ ਹੈ।
ਪੂਤਿਨ ਨੇ ਜ਼ੋਰ ਦੇ ਕੇ ਕਿਹਾ ਕਿ ਘਿਨਾਉਣੇ ਹਮਲੇ ਦੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।’’ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਮੋਦੀ ਅਤੇ ਪੂਤਿਨ ਨੇ ਭਾਰਤ-ਰੂਸ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
ਪ੍ਰਧਾਨ ਮੰਤਰੀ ਨੇ ਰੂਸੀ ਰਾਸ਼ਟਰਪਤੀ ਨੂੰ ਜਿੱਤ ਦਿਵਸ ਦੀ 80ਵੀਂ ਵਰ੍ਹੇਗੰਢ ਦੇ ਜਸ਼ਨ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਮੋਦੀ ਨੇ ਪੂਤਿਨ ਨੂੰ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਹੋਣ ਵਾਲੇ ਭਾਰਤ-ਰੂਸ ਸਾਲਾਨਾ ਸੰਮੇਲਨ ਲਈ ਸੱਦਾ ਵੀ ਦਿੱਤਾ।
