ਖੁਫ਼ੀਆ ਰਿਪੋਰਟ ਮਿਲਣ ਬਾਅਦ ਮੋਦੀ ਨੇ ਰੱਦ ਕੀਤਾ ਕਸ਼ਮੀਰ ਦੌਰਾ: ਖੜਗੇ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਮਹੀਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ “ਤਿੰਨ ਦਿਨ ਪਹਿਲਾਂ ਇੱਕ ਖੁਫ਼ੀਆ ਰਿਪੋਰਟ ਮਿਲਣ”ਕਾਰਨ ਆਪਣਾ ਕਸ਼ਮੀਰ ਦੌਰਾ ਰੱਦ ਕਰ ਦਿੱਤਾ ਸੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਝਾਰਖੰਡ ਦੇ ਰਾਂਚੀ ਵਿੱਚ ‘ਸੰਵਿਧਾਨ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਕੀਤਾ ਹੈ।
ਉਨ੍ਹਾਂ ਅੱਤਵਾਦੀ ਹਮਲੇ ਨੂੰ ਦੇਸ਼ ਦੇ ਖੁਫ਼ੀਆ ਤੰਤਰ ਦੀ ਨਾਕਾਮੀ ਕਰਾਰ ਦਿੱਤਾ ਅਤੇ ਕਿਹਾ ਕਿ “ਸਰਕਾਰ ਨੇ ਇਸ ਨੂੰ ਕਬੂਲ ਕਰ ਲਿਆ ਹੈ ਅਤੇ ਉਹ ਇਸ ਨੂੰ ਹੱਲ ਕਰਨਗੇ। ਜੇ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ, ਤਾਂ ਉਨ੍ਹਾਂ ਨੇ ਕਾਰਵਾਈ ਕਿਉਂ ਨਹੀਂ ਕੀਤੀ? ਮੈਨੂੰ ਜਾਣਕਾਰੀ ਮਿਲੀ ਹੈ ਕਿ ਹਮਲੇ ਤੋਂ 3 ਦਿਨ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਖੁਫ਼ੀਆ ਰਿਪੋਰਟ ਭੇਜੀ ਗਈ ਸੀ। ਚੇਤਾਵਨੀ ਮਿਲਣ ਤੋਂ ਬਾਅਦ ਉਨ੍ਹਾਂ ਕਸ਼ਮੀਰ ਦਾ ਆਪਣਾ ਤੈਅਸ਼ੁਦਾ ਦੌਰਾ ਰੱਦ ਕਰ ਦਿੱਤਾ। ਮੈਂ ਇਹ ਇੱਕ ਅਖਬਾਰ ਵਿੱਚ ਵੀ ਪੜਿ੍ਹਆ ਹੈ।”
ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੁੱਛਿਆ, “ਜਦੋਂ ਖੁਫ਼ੀਆ ਏਜੰਸੀਆਂ ਨੇ ਤੁਹਾਨੂੰ ਆਪਣੀ ਸੁਰੱਖਿਆ ਲਈ ਨਾ ਜਾਣ ਦੀ ਸਲਾਹ ਦਿੱਤੀ ਸੀ, ਤਾਂ ਤੁਸੀਂ ਆਮ ਲੋਕਾਂ ਦੀ ਸੁਰੱਖਿਆ ਲਈ ਸੁਰੱਖਿਆ ਬਲਾਂ ਅਤੇ ਪੁਲੀਸ ਨਾਲ ਉਹ ਜਾਣਕਾਰੀ ਕਿਉਂ ਨਹੀਂ ਸਾਂਝੀ ਕੀਤੀ?” ਉਨ੍ਹਾਂ ਕਿਹਾ ਕਿ ਅਗਾਊਂ ਜਾਣਕਾਰੀ ਹੋਣ ਦੇ ਬਾਵਜੂਦ ਇਲਾਕੇ ਵਿੱਚ ਸੁਰੱਖਿਆ ਕਿਉਂ ਨਹੀਂ ਵਧਾਈ ਗਈ। ਇਸ ਤਰ੍ਹਾਂ ਲੋਕਾਂ ਦੀ ਜਾਨ ਮਾਲ ਦਾ ਨੁਕਸਾਨ ਹੋਣ ਤੋਂ ਬਚ ਸਕਦਾ ਸੀ।
