ਭਾਰਤੀ ਖੇਤਰ ’ਚ ਅਜੇ ਵੀ ਦਾਖਲ ਹੋੋ ਰਹੇ ਹਨ ਪਾਕਿ ਡਰੋਨ
ਫ਼ਿਰੋਜ਼ਪੁਰ : ਭਾਵੇਂ ਭਾਰਤ-ਪਾਕਿਸਤਾਨ ਦਰਮਿਆਨ ਜੰਗਬੰਦੀ ਦਾ ਐਲਾਨ ਹੋ ਗਿਆ ਹੈ, ਪਰ ਅਜੇ ਵੀ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਮਲੇ ਕੀਤੇ ਜਾ ਰਹੇ ਹਨ। ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਅੱਜ ਸਵੇਰੇ ਦਸ ਵਜੇ ਦੇ ਕਰੀਬ ਇੱਕ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿੱਚ ਦਾਖਲ ਹੁੰਦਾ ਵੇਖਿਆ ਗਿਆ। ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਡਰੋਨ ਨੂੰ ਡੇਗਣ ਲਈ ਕਈ ਰਾਊਂਡ ਫਾਇਰ ਕੀਤੇ, ਜਿਸ ਤੋਂ ਬਾਅਦ ਇਹ ਡਰੋਨ ਪਾਕਿਸਤਾਨ ਵੱਲ ਵਾਪਸ ਪਰਤ ਗਿਆ। ਫਿਲਹਾਲ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੋਈ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਸਰਹੱਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ।
ਇਸੇ ਤਰ੍ਹਾਂ ਹੀ ਜੰਮੂ ਖੇਤਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਕਈ ਸ਼ੱਕੀ ਡਰੋਨ ਦੇਖੇ ਗਏ ਹਨ। ਦੂਜੇ ਪਾਸੇ ਪੰਜਾਬ ਦੇ ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿੱਚ ਅੱਜ ਰਾਤ ਵੇਲੇ ਬਲੈਕਆਊਟ ਕਰ ਦਿੱਤਾ ਗਿਆ ਜਿਸ ਕਾਰਨ ਲੋਕ ਸਹਿਮ ਗਏ ਪਰ ਪ੍ਰਸ਼ਾਸਨ ਨੇ ਕਿਹਾ ਹੈ ਕਿ ਇਹ ਚੌਕਸੀ ਵਜੋਂ ਕੀਤਾ ਗਿਆ ਹੈ ਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
