ਸੰਗਰੂਰ ਜੇਲ੍ਹ ਦਾ ਡੀਐੱਸਪੀ ਨਸ਼ਾ ਤਸਕਰੀ ’ਚ ਗ੍ਰਿਫ਼ਤਾਰ
ਸੰਗਰੂਰ “: ਜੇਲ੍ਹ ਸੰਗਰੂਰ ਦੇ ਡੀਐੱਸਪੀ (ਸੁਰੱਖਿਆ) ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਜੇਲ੍ਹ ਦਾ ਇਕ ਦਰਜਾ-4 ਮੁਲਾਜ਼ਮ ਪਹਿਲਾਂ ਹੀ ਪੁਲੀਸ ਦੀ ਗ੍ਰਿਫ਼ਤ ਵਿੱਚ ਹੈ। ਇਸ ਕੇਸ ਵਿੱਚ ਹੁਣ ਤੱਕ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਜੇਲ੍ਹ ਅੰਦਰ ਛਾਪਿਆਂ ਦੌਰਾਨ 12 ਮੋਬਾਈਲ ਫੋਨ, 50 ਗ੍ਰਾਮ ਅਫ਼ੀਮ, 12 ਗ੍ਰਾਮ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ। ਇਸ ਮਾਮਲੇ ਵਿੱਚ ਅੱਠ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਕੋਲੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਮੁੱਢਲੀ ਜਾਂਚ ਦੌਰਾਨ ਜੇਲ੍ਹ ਦੇ ਇਕ ਦਰਜਾ-4 ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐੱਸਐੱਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਅੰਮ੍ਰਿਤਸਰ ਦੇ ਨਸ਼ਾ ਤਸਕਰ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਕਿ ਜੇਲ੍ਹ ਵਿੱਚ ਬੰਦ ਗੁਰਵਿੰਦਰ ਸਿੰਘ ਦਾ ਸਾਥੀ ਹੈ। ਪੁਲੀਸ ਵੱਲੋਂ ਅੰਮ੍ਰਿਤਸਰ ਵਿੱਚ ਮਾਰੇ ਗਏ ਛਾਪੇ ਦੌਰਾਨ ਮਨਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ ਚਾਰ ਕਿੱਲੋ ਹੈਰੋਇਨ, 5.5 ਲੱਖ ਰੁਪਏ ਡਰੱਗ ਮਨੀ ਅਤੇ ਇੱਕ ਵਿਦੇਸ਼ੀ 9 ਐੱਮਐੱਮ ਦਾ ਗਲੌਕ ਬਰਾਮਦ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਡੀਐੱਸਪੀ ਗੁਰਪ੍ਰੀਤ ਸਿੰਘ ਜੇਲ੍ਹ ਵਿੱਚ ਨਸ਼ਿਆਂ ਅਤੇ ਮੋਬਾਈਲ ਫੋਨਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਮੁਲਜ਼ਮ ਡੀਐੱਸਪੀ ਨੇ ਜੇਲ੍ਹ ਵਿੱਚ 25 ਗ੍ਰਾਮ ਹੈਰੋਇਨ ਅਤੇ ਦੋ ਮੋਬਾਈਲ ਫੋਨ ਪਹੁੰਚਾਉਣ ਬਦਲੇ ਕੈਦੀ ਗੁਰਚੇਤ ਦੇ ਰਿਸ਼ਤੇਦਾਰ ਕੋਲੋਂ 40 ਹਜ਼ਾਰ ਰੁਪਏ ਅਤੇ ਯੂਪੀਆਈ ਰਾਹੀਂ ਆਪਣੀ ਪਤਨੀ ਦੇ ਖਾਤੇ ਵਿੱਚ 26 ਹਜ਼ਾਰ ਰੁਪਏ ਪੁਆਏ ਸਨ। ਉਨ੍ਹਾਂ ਦੱਸਿਆ ਕਿ ਕੁੱਲ 25 ਗ੍ਰਾਮ ਹੈਰੋਇਨ ਵਿੱਚੋਂ 12 ਗ੍ਰਾਮ ਹੈਰੋਇਨ ਰਵੀ ਨਾਮ ਦੇ ਇੱਕ ਹੋਰ ਕੈਦੀ ਕੋਲੋਂ ਬਰਾਮਦ ਕੀਤੀ ਗਈ ਹੈ, ਜੋ ਕਿ ਗੁਰਚੇਤ ਦੇ ਕਹਿਣ ’ਤੇ ਅੱਗੇ ਹੋਰਨਾਂ ਕੈਦੀਆਂ ਨੂੰ ਨਸ਼ੇ ਵੇਚਦਾ ਸੀ। ਕੁੱਲ 19 ਮੁਲਜ਼ਮਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਜਾਂਚ ਦੌਰਾਨ ਹੋਰ ਵੀ ਗਿ੍ਰਫਤਾਰੀਆਂ ਹੋ ਸਕਦੀਆਂ ਹਨ।
