ਪੰਜਾਬ ਦਾ ਕੋਈ ਮੰਤਰੀ ਨਸ਼ਾ ਨਹੀਂ ਕਰਦਾ: ਕੇਜਰੀਵਾਲ
ਜੰਡਿਆਲਾ ਮੰਜਕੀ/ਨਵਾਂ ਸ਼ਹਿਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜੰਡਿਆਲਾ ਅਤੇ ਲੰਗੜੋਆ ’ਚ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਨਸ਼ਾ ਨਹੀਂ ਕਰਦਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਦੀਆਂ ਕਾਰਾਂ ਰਾਹੀਂ ਨਸ਼ਿਆਂ ਦੀ ਤਸਕਰੀ ਹੁੰਦੀ ਸੀ ਪਰ ਹੁਣ ਪੰਜਾਬ ’ਚੋਂ ਨਸ਼ਾ ਲਗਪਗ ਖਤਮ ਹੋ ਚੁੱਕਾ ਹੈ। ਢਾਈ ਮਹੀਨਿਆਂ ਵਿੱਚ ਦਸ ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ, ਜਿਨ੍ਹਾਂ ’ਚੋਂ ਸਾਢੇ ਅੱਠ ਹਜ਼ਾਰ ਵੱਡੇ ਨਸ਼ਾ ਤਸਕਰ ਹਨ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਪਿੰਡ, ਮੁਹੱਲੇ ਤੇ ਵਾਰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼?ਲਾਫ਼ ਜਾਗਰੂਕ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬੌਲੀਵੁੱਡ ਫਿਲਮਾਂ ਨਸ਼ਿਆਂ ਦੀ ਦਲਦਲ ਦੇ ਹਾਲਾਤ ’ਤੇ ਬਣਨ ਲੱਗ ਗਈਆਂ ਸਨ ਪਰ ਹੁਣ ਸਮਾਂ ਬਦਲ ਗਿਆ ਹੈ ਅਤੇ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਖ਼ਤਰਨਾਕ ਅਪਰਾਧੀ ਹਨ ਪਰ ‘ਆਪ’ ਸਰਕਾਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ।
