ਭਾਰਤ ਦੇ ਜਵਾਬ ’ਚ ਹੁਣ ਪਾਕਿਸਤਾਨ ਵੱਲੋਂ ਭਾਰਤੀ ਮੁਲਾਜ਼ਮ ਬਰਖ਼ਾਸਤ
ਇਸਲਾਮਾਬਾਦ : ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਲੰਘੇ ਦਿਨ ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਵਿਚ ਕੰਮ ਕਰਦੇ ਇਕ ਪਾਕਿਸਤਾਨੀ ਅਧਿਕਾਰੀ ਨੂੰ ਜਾਸੂਸੀ ਦੇ ਦੋਸ਼ ਵਿਚ ਬਰਖਾਸਤ ਕੀਤਾ ਸੀ। ਭਾਰਤ ਵਿਚ ਪਿਛਲੇ ਇਕ ਹਫ਼ਤੇ ਵਿਚ ਬਰਖਾਸਤਗੀ ਦਾ ਇਹ ਦੂਜਾ ਮਾਮਲਾ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਪਾਕਿਸਤਾਨੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਅਧਿਕਾਰਤ ਜ਼ਿੰਮੇਵਾਰੀਆਂ ਤੋਂ ਬਾਹਰੀ ਸਰਗਰਮੀਆਂ ਵਿਚ ਸ਼ਮੂਲੀਅਤ ਕਰਕੇ ‘ਬੇਲੋੜਾ ਵਿਅਕਤੀ’ ਐਲਾਨਿਆ ਗਿਆ ਹੈ ਤੇ ਉਸ ਨੂੰ 24 ਘੰਟਿਆਂ ਵਿਚ ਭਾਰਤ ਛੱਡਣ ਲਈ ਕਿਹਾ ਗਿਆ ਹੈ। ਭਾਰਤ ਨੇ 13 ਮਈ ਨੂੰ ਵੀ ਇਕ ਪਾਕਿਸਤਾਨੀ ਅਧਿਕਾਰੀ ਨੂੰ ਜਾਸੂਸੀ ਸਰਗਰਮੀਆਂ ਵਿਚ ਕਥਿਤ ਸ਼ਮੂਲੀਅਤ ਲਈ ਬਰਖਾਸਤ ਕਰ ਦਿੱਤਾ ਸੀ।
ਭਾਰਤ ਦੀ ਇਸ ਕਾਰਵਾਈ ਮਗਰੋਂ ਪਾਕਿਸਤਾਨ ਨੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਵਿਚ ਤਾਇਨਾਤ ਇਕ ਭਾਰਤੀ ਸਟਾਫਰ ਨੂੰ ਮੁਅੱਤਲ ਕਰ ਦਿੱਤਾ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, ‘‘ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਇਕ ਸਟਾਫਰ ਨੂੰ ਉਸ ਦੀ ਵਿਸ਼ੇਸ਼ ਅਧਿਕਾਰਾਂ ਤਹਿਤ ਮਿਲੀ ਸਥਿਤੀ ਦੇ ਉਲਟ ਸਰਗਰਮੀਆਂ ਵਿਚ ਸ਼ਮੂਲੀਅਤ ਕਰਕੇ ਬੇਲੋੜਾ ਵਿਅਕਤੀ ਐਲਾਨ ਦਿੱਤਾ ਹੈ। ਸਬੰਧਤ ਅਧਿਕਾਰੀ ਨੂੰ 24 ਘੰਟੇ ਅੰਦਰ ਪਾਕਿਸਤਾਨ ਛੱਡਣ ਲਈ ਕਿਹਾ ਗਿਆ ਹੈ।’’ ਭਾਰਤ-ਪਾਕਿਸਤਾਨ ਵਿਚਾਲੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ।
