ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸ਼ੁਰੂ
ਰਿਸ਼ੀਕੇਸ਼ : ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ, ਜਿਸ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਰਵਾਨਾ ਕੀਤਾ। ਉਨ੍ਹਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਇਨ੍ਹਾਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੋਲ੍ਹੇ ਜਾਣਗੇ ਅਤੇ ਉਸ ਦਿਨ ਇਸ ਸਾਲਾਨਾ ਯਾਤਰਾ ਦੀ ਆਰੰਭਤਾ ’ਤੇ ਪਹਿਲਾ ਪ੍ਰਕਾਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਯਾਤਰਾ ਦੌਰਾਨ ਅਨੁਸ਼ਾਸਨ ਬਣਾਏ ਰੱਖਣ ਦੀ ਅਪੀਲ ਕੀਤੀ ਅਤੇ ਯਾਤਰਾ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਯਾਤਰਾ ਦੇ ਮਾਰਗ ਵਿੱਚ ਹਰ ਸੰਭਵ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਸਮਾਗਮ ਤੋਂ ਪਹਿਲਾਂ ਰਾਜਪਾਲ ਅਤੇ ਮੁੱਖ ਮੰਤਰੀ ਦੋਵਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਮਾਗਮ ਤੋਂ ਬਾਅਦ ਲੰਗਰ ਘਰ ਵਿੱਚ ਬੈਠ ਕੇ ਲੰਗਰ ਵੀ ਛਕਿਆ।
