ਭਾਖੜਾ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਦਾ ਵਿਰੋਧ ਕਰਾਂਗੇ: ਮਾਨ
ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕੇਂਦਰ ਨੂੰ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ: ਮੁੱਖ ਮੰਤਰੀ
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਖੜਾ ਡੈਮ ’ਤੇ ਸੀਆਈਐੱਸਐੱਫ ਦੇ ਜਵਾਨ ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਬਲਾਂ ਦੀ ਤਾਇਨਾਤੀ ਦੇ ਖ਼ਰਚੇ ਵਜੋਂ ਪੰਜਾਬ ਇੱਕ ਧੇਲਾ ਵੀ ਨਹੀਂ ਦੇਵੇਗਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਕੇਂਦਰ ਸਰਕਾਰ ਨੂੰ ਇਕ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵਾਧੂ ਪਾਣੀ ਹੈ ਅਤੇ ਨਾ ਹੀ ਧੱਕੇ ਨਾਲ ਤਾਇਨਾਤ ਕੀਤੀ ਜਾ ਰਹੀ ਸੀਆਈਐੱਸਐੱਫ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਦੇਣ ਵਾਸਤੇ ਕੋਈ ਪੈਸਾ ਹੈ।’’ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ ਕਥਿਤ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਡੈਮ ’ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕਰਕੇ ਸੂਬੇ ਦੇ ਪਾਣੀ ਨੂੰ ਚੋਰੀ ਕਰਨ ਦੀ ਨੀਅਤ ਨਾਲ ਘਟੀਆ ਚਾਲ ਖੇਡ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਨਿਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਸੋਚ ਦੀ ਧਾਰਨੀ ਹੋ ਚੁੱਕੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਵੀ ਹਟਾ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਕੇਂਦਰ ਦੇ ਹੱਥਾਂ ਦੀ ਕਠਪੁਤਲੀ ਹੈ, ਜੋ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਿਹਾ ਅਤੇ ਗ੍ਰਹਿ ਮੰਤਰਾਲੇ ਦਾ ਨਵਾਂ ਪ੍ਰਬੰਧ ਵੀ ਇਸੇ ਸਾਜ਼ਿਸ਼ ਦਾ ਹੀ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ’ਤੇ ਸੀਆਈਐੱਸਐੱਫ ਦੇ 296 ਜਵਾਨ ਤਾਇਨਾਤ ਕੀਤੇ ਜਾਣਗੇ ਜਿਸ ਲਈ ਸੂਬੇ ਨੂੰ 8.58 ਕਰੋੜ ਰੁਪਏ ਦਾ ਖ਼ਰਚਾ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲੀਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਨੂੰ ਮੁਫ਼ਤ ਵਿੱਚ ਯਕੀਨੀ ਬਣਾ ਰਹੀ ਹੈ ਤਾਂ ਇਹ ਪੈਸਾ ਬੀਬੀਐੱਮਬੀ ਨੂੰ ਕਿਉਂ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਬੀਬੀਐੱਮਬੀ ਅਤੇ ਭਾਜਪਾ ਵੱਲੋਂ ਸੂਬੇ ਦੇ ਪਾਣੀਆਂ ’ਤੇ ਡਾਕਾ ਮਾਰਨ ਦਾ ਨਾਪਾਕ ਮਨਸੂਬਾ ਹੈ। ਉਨ੍ਹਾਂ ਪਾਣੀਆਂ ਦੇ ਰਾਖੇ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ਭਾਜਪਾਈ ਬਣੇ ‘ਕਾਂਗਰਸੀ ਆਗੂਆਂ’ ਨੂੰ ਇਸ ਬਾਰੇ ਆਪਣਾ ਰੁਖ ਸਪੱਸ਼ਟ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀ ਕਰਜ਼ਾ ਹੱਦ ਘਟਾ ਦਿੱਤੀ ਹੈ, ਆਰਡੀਐੱਫ ਦੇ ਫੰਡ ਰੋਕੇ ਹੋਏ ਹਨ ਅਤੇ ਹੁਣ ਇਕ ਹੋਰ ਪੰਜਾਬ ਵਿਰੋਧੀ ਕਦਮ ਚੁੱਕਿਆ ਗਿਆ ਹੈ। ਮਾਨ ਨੇ ਕਿਹਾ ਕਿ ਹਰਿਆਣਾ ਦੇ ਕੋਟੇ ਮੁਤਾਬਕ ਪਾਣੀ ਦੀ ਅਲਾਟਮੈਂਟ ਕੱਲ੍ਹ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਅਲਾਟਮੈਂਟ ਤੋਂ ਵੱਧ ਪਾਣੀ ਦੀ ਇੱਕ ਵੀ ਬੂੰਦ ਨਹੀਂ ਦਿੱਤੀ ਜਾਵੇਗੀ।
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਰਨ ਨੰਗਲ ਡੈਮ ਦੇ ਸੁਰੱਖਿਆ ਪ੍ਰਬੰਧ ਪੰਜਾਬ ਦੇ ਹੱਥੋਂ ਨਿਕਲ ਗਏ ਹਨ। ਮਜੀਠੀਆ ਨੇ ਦੋਸ਼ ਲਾਇਆ, ‘‘ਸੂਬਾ ਸਰਕਾਰ ਦੀ ਫੋਕੀ ਸ਼ੋਹਰਤ ਲੈਣ ਦੇ ਯਤਨਾਂ ਕਾਰਨ ਪੰਜਾਬ ਦਾ ਕੇਸ ਹੋਰ ਕਮਜ਼ੋਰ ਹੋਇਆ ਹੈ। ਹੁਣ ਜੋ ਵਾਪਰ ਰਿਹਾ ਹੈ, ਉਹ ਪਹਿਲਾਂ ਕਦੇ ਨਹੀਂ ਹੋਇਆ। ਸਿਰਫ਼ ਸੂਬੇ ਤੋਂ ਪਾਣੀ ਹੀ ਨਹੀਂ ਖੋਹਿਆ ਜਾ ਰਿਹਾ ਹੈ, ਬਲਕਿ ਪੰਜਾਬ ਨੂੰ ਸ਼ਹਿਰ ਨੰਗਲ ਤੋਂ ਵੀ ਬਾਹਰ ਕਰ ਦਿੱਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਇਸ ਵਾਸਤੇ ਮੁੱਖ ਮੰਤਰੀ ਜ਼ਿੰਮੇਵਾਰ ਹਨ।