ਅਕਾਲੀ ਕੌਂਸਲਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮਜੀਠੀਆ
ਜੰਡਿਆਲਾ ਗੁਰੂ : ਅੰਮ੍ਰਿਤਸਰ ਦੇ ਛੇਹਰਟਾ ਵਿੱਚ ਹਥਿਆਰਬੰਦ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੀ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚੇ। ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ। ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਚੁਣੇ ਗਏ ਨੁਮਾਇੰਦੇ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਪੁਲੀਸ ਤੰਤਰ ਦੀ ਵੱਡੀ ਨਾਕਾਮੀ ਹੈ।
ਉਨ੍ਹਾਂ ਕਿਹਾ ਜਦੋਂ ਹਰਜਿੰਦਰ ਸਿੰਘ ਦੇ ਘਰ ’ਤੇ ਪਹਿਲਾਂ ਹਮਲੇ ਹੁੰਦੇ ਰਹੇ ਤਾਂ ਪੁਲੀਸ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਕੀਤੀ, ਪਰ ਪੁਲੀਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਹਰਜਿੰਦਰ ਸਿੰਘ ਦਾ ਕਤਲ ਹੋ ਗਿਆ। ਮਜੀਠੀਆ ਨੇ ਕਿਹਾ ਜੇ ਪੁਲੀਸ ਸਹੀ ਸਮੇਂ ’ਤੇ ਸਹੀ ਕਾਰਵਾਈ ਕਰਦੀ ਤਾਂ ਅੱਜ ਇਹ ਘਟਨਾ ਨਹੀਂ ਵਾਪਰਨੀ ਸੀ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ਮਰਹੂਮ ਕੌਂਸਲਰ ਦੇ ਪਰਿਵਾਰ ਵੱਲੋਂ ਵੀ ਇਨਸਾਫ ਦੀ ਮੰਗ ਕੀਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਹਰਜਿੰਦਰ ਸਿੰਘ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮਜੀਠੀਆ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਪਰਿਵਾਰ ਨੂੰ ਮੁਆਵਜ਼ਾ ਤੇ ਘਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ।