ਟਕਸਾਲ ਵੱਲੋਂ ਸੁਖਬੀਰ ਵਿਰੁੱਧ ਧਰਨਾ ਮੁਲਤਵੀ

ਟਕਸਾਲ ਵੱਲੋਂ ਸੁਖਬੀਰ ਵਿਰੁੱਧ ਧਰਨਾ ਮੁਲਤਵੀ

0
87

ਟਕਸਾਲ ਵੱਲੋਂ ਸੁਖਬੀਰ ਵਿਰੁੱਧ ਧਰਨਾ ਮੁਲਤਵੀ

ਅੰਮ੍ਰਿਤਸਰ : ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਚਾਲੇ ਅੱਜ ਮੁੜ ਹੋਈ ਮੀਟਿੰਗ ਤੋਂ ਬਾਅਦ ਦਮਦਮੀ ਟਕਸਾਲ ਨੇ 11 ਜੂਨ ਨੂੰ ਪਿੰਡ ਬਾਦਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ ਬਾਅਦ ਦੁਪਹਿਰ ਹੋਈ ਅਤੇ ਸ਼ਾਮ ਤੱਕ ਚੱਲੀ ਹੈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਦੋਂਕਿ ਦੂਜੇ ਪਾਸੇ ਦਮਦਮੀ ਟਕਸਾਲ ਦੇ ਮੁਖੀ ਤੇ ਉਨ੍ਹਾਂ ਦੇ ਹੋਰ ਸਮਰਥਕ ਸ਼ਾਮਲ ਸਨ।

ਮੀਟਿੰਗ ਉਪਰੰਤ ਟਕਸਾਲ ਦੇ ਬੁਲਾਰੇ ਨੇ ਬਾਬਾ ਹਰਨਾਮ ਸਿੰਘ ਖਾਲਸਾ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ ਹੈ ਕਿ 11 ਜੂਨ ਨੂੰ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਹਟਾਏ ਗਏ ਜਥੇਦਾਰਾਂ ਨੂੰ ਬਹਾਲ ਕਰਨ ਦੀ ਦਮਦਮੀ ਟਕਸਾਲ ਦੀ ਮੰਗ ਦੇ ਮਾਮਲੇ ਬਾਰੇ ਜਲਦੀ ਹੀ ਫੈਸਲਾ ਕੀਤਾ ਜਾਵੇਗਾ।

ਟਕਸਾਲ ਦੇ ਮੁਖੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੀਆਂ ਕਈ ਪ੍ਰਮੁੱਖ ਹਸਤੀਆਂ ਮਿਲਣ ਵਾਸਤੇ ਮਹਿਤਾ ਸਥਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਪੁੱਜੀਆਂ ਸਨ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਨੇ ਭਰੋਸਾ ਦਿੱਤਾ ਹੈ ਕਿ ਜਥੇਦਾਰਾਂ ਦੇ ਮਸਲੇ ਦਾ ਸਰਵ ਪ੍ਰਵਾਨਤ ਹੱਲ ਕੱਢ ਕੇ ਕੌਮ ਵਿੱਚ ਪਈ ਦੁਬਿਧਾ ਨੂੰ ਜਲਦੀ ਖਤਮ ਕਰਨ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਇਹ ਧਰਨਾ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਮੁੱਚੀਆਂ ਸਿੱਖ ਸੰਗਤਾਂ, ਸੰਤਾਂ ਮਹਾਂਪੁਰਸ਼ਾਂ, ਨਿਹੰਗ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ 11 ਜੂਨ ਦਾ ਰੋਸ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਦਮਦਮੀ ਟਕਸਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਥੇਦਾਰਾਂ ਨੂੰ ਹਟਾਉਣ ਅਤੇ ਨਿਯੁਕਤੀ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਸੀ। ਹਟਾਏ ਗਏ ਜਥੇਦਾਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਬਾਹਰ ਰੋਸ ਧਰਨਾ ਵੀ ਦਿੱਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ ਕਾਰਨ ਦਮਦਮੀ ਟਕਸਾਲ ਵੱਲੋਂ 11 ਜੂਨ ਨੂੰ ਸੁਖਬੀਰ ਬਾਦਲ ਦੀ ਪਿੰਡ ਬਾਦਲ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਦਮਦਮੀ ਟਕਸਾਲ ਦੇ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਿਚਾਲੇ ਇਸ ਤੋਂ ਪਹਿਲਾਂ ਵੀ ਦੋ ਮੀਟਿੰਗਾਂ ਹੋ ਚੁੱਕੀਆਂ ਹਨ।

LEAVE A REPLY

Please enter your comment!
Please enter your name here