ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼

Punjab CM Health Insurance Scheme Launch 2025

0
230

ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ। ਇਹ ਆਗਾਜ਼ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਦੇ ਸੈਕਟਰ 35 ਵਿਖੇ ਸਥਿਤ ਮਿਊਂਸੀਪਲ ਭਵਨ ਵਿੱਚ ਕੀਤਾ ਗਿਆ।
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਦਾ 10 ਲੱਖ ਰੁਪਏ ਸਾਲਾਨਾ ਦਾ ਕੈਸ਼ਲੈੱਸ ਬੀਮਾ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਅਕਤੂਬਰ 2025 ਤੋਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਬੀਮੇ ਨਾਲ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲੋਕਾਂ ਦਾ ਕੈਸ਼ਲੈੱਸ ਇਲਾਜ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਇਸ ਯੋਜਨਾ ਅਧੀਨ ਸੂਬੇ ਦੇ ਸਾਰੇ ਸਰਕਾਰੀ ਕਰਮਚਾਰੀਆਂ ਸਣੇ ਹਰ ਵਰਗ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਨੀਲੇ ਅਤੇ ਪੀਲੇ ਕਾਰਡਾਂ ਦੇ ਚੱਕਰ ਵਿੱਚ ਫਸਾਇਆ ਹੋਇਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਨੀਲੇ ਅਤੇ ਪੀਲੇ ਕਾਰਡਾਂ ਵਿੱਚੋਂ ਬਾਹਰ ਕੱਢ ਕੇ ਵੋਟਰ ਕਾਰਡ ਅਤੇ ਆਧਾਰ ਕਾਰਡ ’ਤੇ ਨਿਰਭਰ ਕਰ ਦਿੱਤਾ।
ਹੁਣ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕੇਗਾ ਜਿਸ ਨਾਲ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਤੱਕ ਦਾ ਮੁਫਤ ਇਲਾਜ ਮੁਹੱਈਆ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਿਹਤ ਅਤੇ ਸਿੱਖਿਆ ਸਿਸਟਮ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਸਿਸਟਮ ਨੂੰ ਮਜ਼ਬੂਤ ਕੀਤਾ ਹੈ। ਉਹਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੀ ਦੇਸ਼ ਭਰ ਵਿੱਚ ਸਿਹਤ ਅਤੇ ਸਿੱਖਿਆ ਸਿਸਟਮ ਦੀ ਮਜ਼ਬੂਤੀ ਲਈ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ ਸੀ ਪਰ ਅਜਿਹਾ ਨਹੀਂ ਕੀਤਾ ਗਿਆ।

LEAVE A REPLY

Please enter your comment!
Please enter your name here