ਪੰਜਾਬ ਤੇ ਹਰਿਆਣਾ ’ਚ ‘ਡੰਕੀ ਰੂਟ’ ਲਵਾਉਣ ਵਾਲੇ ਏਮੀਗ੍ਰੇਸ਼ਨ ਸੈਂਟਰਾਂ ’ਤੇ ਛਾਪੇ

ਪੰਜਾਬ ਤੇ ਹਰਿਆਣਾ ’ਚ ‘ਡੰਕੀ ਰੂਟ’ ਲਵਾਉਣ ਵਾਲੇ ਏਮੀਗ੍ਰੇਸ਼ਨ ਸੈਂਟਰਾਂ ’ਤੇ ਛਾਪੇ
ਜਲੰਧਰ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਵਰ੍ਹੇ ਅਮਰੀਕਾ ਵੱਲੋਂ ਵਾਪਸ ਭੇਜੇ ਗਏ ਗ਼ੈਰਕਾਨੂੰਨੀ ਪਰਵਾਸੀਆਂ ਨਾਲ ਜੁੜੇ ‘ਡੰਕੀ ਰੂਟ’ ਮਾਮਲੇ ਦੀ ਮਨੀ ਲਾਂਡਰਿੰਗ ਜਾਂਚ ਤਹਿਤ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ’ਚ ਛਾਪੇ ਮਾਰੇ ਹਨ। ਸੂਤਰਾਂ ਨੇ ਦੱਸਿਆ ਕਿ ਦੋਵਾਂ ਸੂਬਿਆਂ ਵਿੱਚ ਕੁੱਲ 11 ਸ਼ਹਿਰਾਂ, ਜਿਨ੍ਹਾਂ ਵਿੱਚ ਪੰਜਾਬ ਦੇ ਅੰਮ੍ਰਿਤਸਰ, ਸੰਗਰੂਰ, ਪਟਿਆਲਾ ਤੇ ਮੋਗਾ ਅਤੇ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ ਅਤੇ ਕਰਨਾਲ ਸ਼ਾਮਲ ਹਨ, ਵਿੱਚ ਮਸ਼ਕੂਕਾਂ ਤੇ ਏਜੰਟਾਂ ਦੇ ਦਫ਼ਤਰਾਂ ਤੇ ਰਿਹਾਇਸ਼ਾਂ ਦੀ ਕਾਲਾ ਧਨ ਰੋਕੂ ਕਾਨੂੰਨ (ਪੀਐੈੱਮਐੱਲਏ) ਤਹਿਤ ਤਲਾਸ਼ੀ ਲਈ ਜਾ ਰਹੀ ਹੈ। ਇਹ ਕਾਰਵਾਈ ਜਲੰਧਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਸਵੇਰ ਤੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਦਾ ਇਹ ਮਾਮਲਾ ਪੰਜਾਬ ਤੇ ਹਰਿਆਣਾ ਪੁਲੀਸ ਵੱਲੋਂ ਉਨ੍ਹਾਂ ਟਰੈਵਲ/ਵੀਜ਼ਾ ਏਜੰਟਾਂ ਤੇ ਵਿਚੋਲਿਆਂ ਖਿਲਾਫ਼ ਦਰਜ 17 ਐੱਫਆਈਆਰਜ਼ ਨਾਲ ਸਬੰਧਤ ਹੈ, ਜਿਨ੍ਹਾਂ ਨੇ ਗ਼ੈਰਕਾਨੂੰਨੀ ਤੌਰ ’ਤੇ ਅਮਰੀਕਾ ਜਾਣ ਦੇ ਚਾਹਵਾਨ ਲੋਕਾਂ ਨਾਲ ਧੋਖਾਧੜੀ ਕੀਤੀ ਸੀ।
ਇਸ ਸਾਲ ਫਰਵਰੀ ਮਹੀਨੇ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਕੁਝ ਹੋਰ ਸੂਬਿਆਂ ਤੋਂ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਸੈਨਿਕ ਜਹਾਜ਼ ਰਾਹੀਂ ਭਾਰਤ ਵਾਪਸ ਭੇਜ ਦਿੱਤਾ ਗਿਆ ਸੀ ਅਤੇ ਇਸ ਮਗਰੋਂ ਈਡੀ ਨੇ ਉਨ੍ਹਾਂ ਵਿਚੋਂ ਕੁਝ ਲੋਕਾਂ ਨੇ ਬਿਆਨ ਦਰਜ ਕੀਤੇ ਸਨ। ਸੂਤਰਾਂ ਨੇ ਕਿਹਾ ਕਿ ਇਨ੍ਹਾਂ ਬਿਆਨਾਂ ਤੇ ਇਸ ਸਬੰਧੀ ਜਾਂਚ ’ਚ ਕੁਝ ਸ਼ੱਕੀਆਂ ਦੇ ਨਾਮ ਸਾਹਮਣੇ ਆਏ ਹਨ ਤੇ ਉਨ੍ਹਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਈਡੀ ਨੇ ਡੰਕੀ ਰੂਟ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਵਿੱਚ ਛਾਪੇ ਮਾਰੇ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਛਾਪੇਮਾਰੀ ਕੀਤੀ ਜਾ ਚੁੱਕੀ ਹੈ ਅਤੇ ਦਰਜਨਾਂ ਲੋਕਾਂ ਤੋਂ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਅੱਜ ਉਕਤ ਲਿੰਕ ਨੂੰ ਜੋੜਨ ਲਈ ਛਾਪੇਮਾਰੀ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ ‘ਡੰਕੀ ਰੂਟ’ ਰਾਹੀਂ ਲੋਕਾਂ ਨੂੰ ਵਿਦੇਸ਼ ਭੇਜਣ ਵਾਲਾ ਨੈੱਟਵਰਕ ਪੰਜਾਬ ਅਤੇ ਹਰਿਆਣਾ ਦੇ ਪੇਂਡੂ ਖੇਤਰਾਂ ਵਿੱਚ ਵਧੇਰੇ ਸਰਗਰਮ ਹੈ। ਈਡੀ ਦਾ ਕਹਿਣਾ ਹੈ ਕਿ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਇਸ ਪੂਰੇ ਨੈੱਟਵਰਕ ਨੂੰ ਖਤਮ ਕਰਨ ਅਤੇ ਮੁਲਜ਼ਮਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਜਾਂਚ ਜਾਰੀ ਰਹੇਗੀ।