ਵਿਧਾਨ ਸਭਾ ’ਚ ਕਾਨੂੰਨ ਵਿਵਸਥਾ ਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਕਰਵਾਈ ਜਾਵੇ: ਬਾਜਵਾ

0
146

ਵਿਧਾਨ ਸਭਾ ’ਚ ਕਾਨੂੰਨ ਵਿਵਸਥਾ ਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਕਰਵਾਈ ਜਾਵੇ: ਬਾਜਵਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਸੱਤਾਧਾਰੀ ਧਿਰ ’ਤੇ ਵਿਰੋਧੀਆਂ ਨੂੰ ਬੋਲਣ ਨਾ ਦੇਣ ਸਬੰਧੀ ਲਾਏ ਦੋਸ਼ਾਂ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਸ੍ਰੀ ਬਾਜਵਾ ਨੇ ਆਪਣੇ ਪੱਤਰ ਰਾਹੀਂ ਸਪੀਕਰ ਤੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ ਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਵਿਧਾਨ ਸਭਾ ਸੈਸ਼ਨ ਦਾ ਵਿਸਥਾਰ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਮੰਗ ਤੋਂ ਬਾਅਦ ਕੀਤਾ ਗਿਆ ਹੈ। ਇਸ ਲਈ 14 ਤੇ 15 ਜੁਲਾਈ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਲੈਂਡ ਪੂਲਿੰਗ ਨੀਤੀ ’ਤੇ ਇੱਕ-ਇੱਕ ਦਿਨ ਵਿਚਾਰ-ਚਰਚਾ ਕਰਵਾਈ ਜਾਣੀ ਚਾਹੀਦੀ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਿੱਲ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ ਪਰ ਇਹ ਬਿੱਲ ਵਿਚਕਾਰ ਹੀ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਵਿਵਸਥਾ ਦੇ ਸੰਕਟ ਤੇ ਲੈਂਡ ਪੂਲਿੰਗ ਨੀਤੀ ਬਾਰੇ ਚਰਚਾ ਨੂੰ ਵਿਧਾਨ ਸਭਾ ਦੇ ਕੰਮਕਾਜ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ, ਉੱਦੋਂ ਤੱਕ ਸੈਸ਼ਨ ਵਧਾਉਣ ਲਈ ਬੈਠਕਾਂ ਸਿਰਫ਼ ਦਿਖਾਵਾ ਸਾਬਤ ਹੋਣਗੀਆਂ। ਉਨ੍ਹਾਂ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਕੰਮਕਾਜੀ ਏਜੰਡੇ ਵਿੱਚ ਸ਼ਾਮਲ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ 11 ਜੁਲਾਈ ਦਿਨ ਸ਼ੁੱਕਰਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਸੱਤਾਧਾਰੀ ਧਿਰ ’ਤੇ ਵਿਰੋਧੀ ਧਿਰ ਨੂੰ ਨਾ ਬੋਲਣ ਦੇਣ ਦੇ ਦੋਸ਼ ਲਗਾਏ ਸਨ।

LEAVE A REPLY

Please enter your comment!
Please enter your name here