ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਟਕਰਾਅ ਟਲਿਆ
ਅੰਮ੍ਰਿਤਸਰ, 14 ਜੁਲਾਈਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਪੈਦਾ ਹੋਇਆ ਵਿਵਾਦ ਅੱਜ ਉਸ ਵੇਲੇ ਖਤਮ ਹੋ ਗਿਆ ਜਦੋਂ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਪਿਛਲੇ ਸਮੇਂ ਦੌਰਾਨ ਇੱਕ ਦੂਜੇ ਖ਼?ਲਾਫ ਕੀਤੇ ਗਏ ਫੈਸਲੇ ਵਾਪਸ ਲੈ ਲਏ ਗਏ ਹਨ। ਇਸ ਦਾ ਖੁਲਾਸਾ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਹੈ। ਅੱਜ ਇੱਥੇ ਪੰਜ ਸਿੰਘ ਸਾਹਿਬਾਨ ਨਾਲ ਮੀਟਿੰਗ ਤੋਂ ਬਾਅਦ ਫੈਸਲੇ ਬਾਰੇ ਮੀਡੀਆ ਨੂੰ ਜਾਣੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਸੋਹੀ ਵੱਲੋਂ ਭੇਜੇ ਗਏ ਪੱਤਰ ਤੇ ਵਿਚਾਰ ਕਰਦਿਆਂ ਇਹ ਫੈਸਲਾ ਕੀਤਾ ਗਿਆ ਹੈ।
ਉਕਤ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਰਬਉੱਚ ਹੈ ਅਤੇ ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ 21 ਮਈ ਨੂੰ ਕੀਤੇ ਗਏ ਫੈਸਲਿਆਂ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ। ਸ੍ਰੀ ਗੜਗੱਜ ਨੇ ਦੱਸਿਆ ਕਿ ਪੱਤਰ ’ਤੇ ਵਿਚਾਰ ਕਰਨ ਲਈ ਅੱਜ ਸਿੰਘ ਸਾਹਿਬਾਨ ਦੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਤੇ ਹੈੱਡ ਗ੍ਰੰਥੀ ਗਿਆਨੀ ਬਲਦੇਵ ਸਿੰਘ ਅਤੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਦੀਆਂ ਸੇਵਾਵਾਂ ਤੇ ਲਾਈ ਗਈ ਰੋਕ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਗਿਆਨੀ ਗੁਰਦਿਆਲ ਸਿੰਘ ਤੇ ਪ੍ਰਬੰਧਕੀ ਕਮੇਟੀ ਦੇ ਦੋ ਮੈਂਬਰਾਂ ਨੂੰ ਤਨਖਾਹੀਆ ਦੇਣ ਦਾ ਫੈਸਲਾ ਵੀ ਵਾਪਸ ਲੈ ਲਿਆ ਹੈ। ਉਨ੍ਹਾਂ ਆਖਿਆ ਕਿ ਇਹ ਕਾਰਵਾਈ ਪੰਥ ਦੇ ਵਡੇਰੇ ਹਿੱਤਾਂ ਅਤੇ ਤਖ਼ਤਾਂ ਦੀ ਮਾਨ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਵੀ 21 ਮਈ ਅਤੇ ਉਸ ਤੋਂ ਬਾਅਦ ਕੀਤੇ ਸਾਰੇ ਫੈਸਲੇ ਵਾਪਸ ਲੈ ਲਏ ਗਏ ਹਨ। ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਇੱਕ ਪੱਤਰ ਭੇਜ ਕੇ ਸ੍ਰੀ ਅਕਾਲ ਤਖ਼ਤ ਨੂੰ ਜਾਣੂ ਕਰਵਾਇਆ ਹੈ।
ਇੱਕ ਹੋਰ ਫੈਸਲੇ ਤਹਿਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਪ੍ਰਬੰਧਕੀ ਕਮੇਟੀ ਖ਼?ਲਾਫ਼ ਕੀਤਾ ਅਦਾਲਤੀ ਕੇਸ ਵਾਪਸ ਲੈਣ ਅਤੇ ਪ੍ਰਬੰਧਕੀ ਕਮੇਟੀ ਨੂੰ ਉਨ੍ਹਾਂ ਦੇ ਬਣਦੇ ਲਾਭ ਜਾਰੀ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਨੇ ਸਾਬਕਾ ਜਥੇਦਾਰ ਅਤੇ ਹੋਰ ਸਬੰਧਤਾਂ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ਜਾਂ ਮੀਡੀਆ ਤੇ ਕੋਈ ਬਿਆਨਬਾਜੀ ਨਾ ਕੀਤੀ ਜਾਵੇ।
