ਪਿੰਡਾਂ ’ਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ: ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾਂ ਵਿੱਚ ਅਤਿ-ਆਧੁਨਿਕ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੌਮਾਂਤਰੀ ਪੱਧਰ ’ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਨੂੰ ਖੇਡ ਸਟੇਡੀਅਮਾਂ ਵਿੱਚ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਉਹ ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਸੂਬੇ ਦੇ 3083 ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਸ਼?ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਰਗੇ ਅਹਿਮ ਮੁੱਦਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਅਤੇ ਇਸੇ ਕਰ ਕੇ ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਬਿਨਾ ਕਿਸੇ ਰੋਕ-ਟੋਕ ਤੋਂ ਐਨੀ ਵੱਡੀ ਪੱਧਰ ’ਤੇ ਫੈਲ ਗਿਆ। ਪੰਜਾਬ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸਦਕਾ ਸੂਬੇ ਦੇ ਹਾਲਾਤ ਬਦਲ ਰਹੇ ਹਨ। ਇਸ ਮੁਹਿੰਮ ਤਹਿਤ ਪੁਲੀਸ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨਾਂ ਦੇ ਮੁੜਵਸੇਬੇ ਲਈ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੌਮਾਂਤਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਲੱਖਾਂ ਰੁਪਏ ਦੀ ਵਿੱਤੀ ਮਦਦ ਦਿੱਤੀ ਜਾ ਰਹੀ ਹੈ, ਇਸੇ ਕਰ ਕੇ ਹਾਕੀ, ਕ੍ਰਿਕਟ ਅਤੇ ਫੁਟਬਾਲ ਦੀ ਭਾਰਤੀ ਟੀਮ ਦੇ ਕਪਤਾਨ ਪੰਜਾਬ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹਾਕੀ ਦੀ ਭਾਰਤੀ ਟੀਮ ਵਿੱਚ ਪੰਜਾਬ ਦੇ ਅੱਠ ਖਿਡਾਰੀ ਖੇਡ ਰਹੇ ਹਨ, ਜੋ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਅਥਲੈਟਿਕਸ ਦੇ ਟਰੈਕਾਂ ਨੂੰ ਸਿੰਥੈਟਿਕ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਨਾਲ ਅਥਲੈਟਿਕ ਵਿੱਚ ਪੰਜਾਬ ਦੇ ਨੌਜਵਾਨ ਦੁਨੀਆ ਭਰ ’ਚ ਦੇਸ਼ ਦਾ ਨਾਮ ਰੋਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਨਰਸਰੀਆਂ ਵੀ ਸਥਾਪਤ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ਲਈ ਖੇਡਾਂ ਦੇ ਨਾਲ-ਨਾਲ ਵਧੀਆ ਰਹਿਣ-ਸਹਿਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।
