ਪੰਜਾਬ ਸਰਕਾਰ ਵੱਲੋਂ 16 ਨਵੇਂ ਸੇਵਾ ਕੇਂਦਰ ਤੇ 28 ਦੁਬਾਰਾ ਹੋਣਗੇ ਸਰਗਰਮ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 16 ਨਵੇਂ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ, ਜਦੋਂਕਿ 28 ਨੂੰ ਮੁੜ ਤੋਂ ਕਾਰਜਸ਼ੀਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਭਵਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ (ਪੀਐੱਸਈਜੀਐੱਸ) ਦੇ ਬੋਰਡ ਆਫ਼ ਗਵਰਨਰਜ਼ ਦੀ 22ਵੀਂ ਮੀਟਿੰਗ ਦੀ ਪ੍ਰਧਾਨਗੀ ਮੌਕੇ ਨਵੇਂ ਸੇਵਾ ਕੇਂਦਰਾਂ ਨੂੰ ਜਲਦ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ 4.10 ਕਰੋੜ ਰੁਪਏ ਦੀ ਲਾਗਤ ਨਾਲ 16 ਨਵੇਂ ਸੇਵਾ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਦੋਂਕਿ 1.54 ਕਰੋੜ ਰੁਪਏ ਦੀ ਲਾਗਤ ਨਾਲ 28 ਸੇਵਾ ਕੇਂਦਰਾਂ ਨੂੰ ਦੁਬਾਰਾ ਕਾਰਜਸ਼ੀਲ ਕੀਤਾ ਜਾਵੇਗਾ। ਇਸ ਨਾਲ ਨਾਗਰਿਕਾਂ ਨੂੰ ਸੁਵਿਧਾਜਨਕ ਤੇ ਪਾਰਦਰਸ਼ੀ ਢੰਗ ਨਾਲ 500 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।