ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ ਵਾਲੇ ਈਮੇਲ ਭੇਜਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ

ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ ਵਾਲੇ ਈਮੇਲ ਭੇਜਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ
ਅੰਮ੍ਰਿਤਸਰ, ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੁਲੀਸ ਇਹਨਾਂ ਵਿਅਕਤੀਆਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮਿਲ ਕੇ ਇਸ ਮਾਮਲੇ ਸਬੰਧੀ ਵਿਸ਼ੇਸ਼ ਚਰਚਾ ਕੀਤੀ।
ਸੂਚਨਾ ਕੇਂਦਰ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਇਕ ਸੰਵੇਦਨਸ਼ੀਲ ਮਾਮਲਾ ਹੈ ਅਤੇ ਹਾਈ ਸਿਕਿਉਰਟੀ ਨਾਲ ਜੁੜਿਆ ਹੋਇਆ ਹੈ। ਇਸ ਲਈ ਉਹ ਇਸ ਮਾਮਲੇ ਵਿੱਚ ਵਧੇਰੇ ਖੁਲਾਸੇ ਨਹੀਂ ਕਰ ਸਕਦੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਾਈਬਰ ਮੰਚ ਤੋਂ ਧਮਕੀਆਂ ਦੇਣ ਵਾਲਿਆਂ ਦੇ ਆਈਪੀ ਐਡਰੈਸ ਪਤਾ ਕੀਤੇ ਜਾ ਰਹੇ ਹਨ ਅਤੇ ਜਿਵੇਂ ਹੀ ਇਹ ਆਈਪੀ ਐਡਰੈਸ ਮਿਲਦੇ ਹਨ, ਪੁਲੀਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਫਿਲਹਾਲ ਇਨ੍ਹਾਂ ਧਮਕੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਵੀ ਸੁਰੱਖਿਆ ਪ੍ਰਬੰਧ ਵਧਾਏ ਗਏ ਹਨ, ਪਰ ਇਸ ਦੇ ਨਾਲ ਹੀ ਪੁਲੀਸ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸੇ ਯਾਤਰੂ ਨੂੰ ਨਜਾਇਜ਼ ਤੰਗ ਪਰੇਸ਼ਾਨ ਨਾ ਕੀਤਾ ਜਾਵੇ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਵੱਖਰੇ ਤੌਰ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਵਿਸੇਸ਼ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ। ਐਡ. ਧਾਮੀ ਨੇ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਨੂੰ ਅਜਿਹੀਆਂ ਲਗਭਗ 10 ਧਮਕੀਆਂ ਭਰੇ ਈਮੇਲ ਆ ਚੁੱਕੇ ਹਨ।