ਰਾਂਚੀ : ਝਾਰਖੰਡ ਮੁਕਤੀ ਮੋਰਚਾ ਦੇ ਸੁਪਰੀਮੋ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ (81) ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਕਸ ’ਤੇ ਇਕ ਪੋਸਟ ਵਿਚ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ। ਝਾਰਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਸਨਮਾਨ ਵਿੱਚ ਤਿੰਨ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਸਮੇਂ ਦੌਰਾਨ ਆਪਣੇ ਸਾਰੇ ਨਿਰਧਾਰਤ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ। ਉਧਰ ਝਾਰਖੰਡ ਅਸੈਂਬਲੀ ਨੂੰ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਅਸੈਂਬਲੀ ਦਾ ਪੰਜ ਦਿਨਾ ਮੌਨਸੂਨ ਸੈਸ਼ਨ ਇਕ ਅਗਸਤ ਤੋਂ ਸ਼ੁਰੂ ਹੋਇਆ ਸੀ। ਇਕ ਬਿਆਨ ਮੁਤਾਬਕ ਸਾਰੇ ਰਾਜ ਸਰਕਾਰੀ ਦਫ਼ਤਰ 4 ਅਤੇ 5 ਅਗਸਤ ਨੂੰ ਬੰਦ ਰਹਿਣਗੇ। ਇਸ ਦੌਰਾਨ ਝਾਰਖੰਡ ਦੀਆਂ ਸਾਰੀਆਂ ਇਮਾਰਤਾਂ ’ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸਣੇ ਹੋਰਨਾਂ ਸਿਆਸੀ ਹਸਤੀਆਂ ਨੇ ਸ਼ਿਬੂ ਸੋਰੇਨ ਦੇ ਅਕਾਲ ਚਲਾਣੇ ’ਤੇ ਦੁੱਖ ਜਤਾਇਆ ਹੈ।
ਉਹ ਪਿਛਲੇ ਕੁਝ ਸਮੇਂ ਤੋਂ ਵੈਂਟੀਲੇਟਰ ਸਪੋਰਟ ’ਤੇ ਸਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਸੀ। ਉਨ੍ਹਾਂ ਨੂੰ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦਿੱਲੀ ਦੇ ਸ੍ਰੀ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜੂਨ ਦੇ ਆਖਰੀ ਹਫ਼ਤੇ ਗੁਰਦੇ ਨਾਲ ਸਬੰਧਤ ਸਮੱਸਿਆ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।