ਸ੍ਰੀ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤਨਖਾਹੀਆ ਕਰਾਰ

0
126

ਸ੍ਰੀ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤਨਖਾਹੀਆ ਕਰਾਰ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਸੁਣਾਈ ਹੈ। ਬੈਂਸ ਵੱਲੋਂ ਸ੍ਰੀ ਅਕਾਲ ਤਖਤ ਦੇ ਸਨਮੁੱਖ ਖੜੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਸੁਣਾਈ ਗਈ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਸਨ।
ਸਿੰਘ ਸਾਹਿਬਾਨ ਅਕਾਲ ਤਖ਼ਤ ਸਕੱਤਰੇਤ ਵਿਚ ਪੇਸ਼ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਸਵਾਲ ਕਰਦੇ ਹੋਏ।
ਪੰਜ ਸਿੰਘ ਸਾਹਿਬਾਨ ਵੱਲੋਂ ਕੈਬਨਿਟ ਮੰਤਰੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ, ਜੋ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਹੈ, ਵਿਖੇ ਪੈਦਲ ਜਾਣਗੇ। ਇਸ ਰਸਤੇ ਵਿੱਚ ਆਉਂਦੇ ਬਾਜ਼ਾਰ ਅਤੇ ਗਲੀਆਂ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣਗੇ। ਇਸੇ ਤਰ੍ਹਾਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕੋਠਾ ਸਾਹਿਬ ਵੱਲਾ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਵੀ 100 ਮੀਟਰ ਦੀ ਦੂਰੀ ਤੋਂ ਪੈਦਲ ਜਾਣਗੇ ਅਤੇ ਇਨ੍ਹਾਂ ਅਸਥਾਨਾਂ ’ਤੇ ਵੀ ਮੁਰੰਮਤ ਅਤੇ ਸਾਫ ਸਫਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਨੂੰ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋ ਦਿਨ ਗੁਰੂ ਦੀਆਂ ਸੰਗਤਾਂ ਦੇ ਜੋੜੇ ਝਾੜਨ ਦੀ ਸੇਵਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਵਾਸਤੇ ਕਿਹਾ ਗਿਆ ਹੈ।
ਇੱਕ ਵੱਖਰੇ ਆਦੇਸ਼ ਰਾਹੀਂ ਪੰਜਾਬ ਸਰਕਾਰ ਨੂੰ ਵੀ ਆਖਿਆ ਗਿਆ ਹੈ ਕਿ ਉਹ ਸ਼ਤਾਬਦੀ ਸਮਾਗਮਾਂ ਦੌਰਾਨ ਸੈਮੀਨਾਰ, ਗੋਸ਼ਟੀਆਂ ਤੇ ਹੋਰ ਅਜਿਹੇ ਪ੍ਰੋਗਰਾਮ ਕਰਵਾ ਸਕਦੀ ਹੈ, ਪਰ ਇਨ੍ਹਾਂ ਲਈ ਧਰਮ ਪ੍ਰਚਾਰ ਕਮੇਟੀ ਦਾ ਸਹਿਯੋਗ ਲਿਆ ਜਾਵੇ। ਅਕਾਲ ਤਖ਼ਤ ਦੀ ਫ਼ਸੀਲ ਤੋਂ ਸਰਕਾਰ ਨੂੰ ਆਦੇਸ਼ ਦਿੱਤਾ ਗਿਆ ਕਿ ਧਾਰਮਿਕ ਸਮਾਗਮ, ਜਿਨ੍ਹਾਂ ਵਿੱਚ ਨਗਰ ਕੀਰਤਨ ਸਜਾਉਣੇ ਅਤੇ ਗੁਰਮਤਿ ਸਮਾਗਮ ਸ਼ਾਮਲ ਹਨ, ਸਿੱਖ ਸੰਸਥਾਵਾਂ ਦੇ ਕਾਰਜ ਹਨ ਅਤੇ ਸਰਕਾਰ ਇਨ੍ਹਾਂ ਵਿੱਚ ਸਹਿਯੋਗ ਦੇਵੇ। ਸਿੰਘ ਸਾਹਿਬਾਨ ਨੇ ਸਿੱਖ ਸੰਸਥਾਵਾਂ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਸ਼ਤਾਬਦੀ ਸਮਾਗਮਾਂ ਵਿੱਚ ਸਰਕਾਰ ਦੇ ਪ੍ਰਤੀਨਿਧਾਂ ਨੂੰ ਪੂਰਨ ਮਾਣ ਸਨਮਾਨ ਦੇਣ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਪੁੱਜਣ ਤੋਂ ਪਹਿਲਾਂ ਇੱਥੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੱਥਾ ਟੇਕਿਆ। ਉਨ੍ਹਾਂ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਤੇ ਦਾਹੜੇ ਦਾ ਪ੍ਰਕਾਸ਼ ਕੀਤਾ ਹੋਇਆ ਹੈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਿਆ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਪੁੱਜਣ ਤੋਂ ਪਹਿਲਾਂ ਇੱਥੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੱਥਾ ਟੇਕਿਆ ਅਤੇ ਹੁਣ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਆਪਣਾ ਪੱਖ ਰੱਖਣ ਲਈ ਪੁੱਜੇ ਹਨ। ਉਨ੍ਹਾਂ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਤੇ ਦਾਹੜੇ ਦਾ ਪ੍ਰਕਾਸ਼ ਕੀਤਾ ਹੋਇਆ ਹੈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

LEAVE A REPLY

Please enter your comment!
Please enter your name here