ਅੰਮ੍ਰਿਤਸਰ : ਅਕਾਲ ਤਖ਼ਤ ਤੋਂ ਸ਼?ੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਦਾ ਮਾਮਲਾ ਫਿਲਹਾਲ ਲਟਕ ਗਿਆ ਜਾਪਦਾ ਹੈ। ਭਰਤੀ ਕਮੇਟੀ ਵੱਲੋਂ ਭਰਤੀ ਸਬੰਧੀ ਮੁਹਿੰਮ ਅਤੇ ਡੈਲੀਗੇਟ ਚੁਣਨ ਦੀ ਮੁਹਿੰਮ ਮੁਕੰਮਲ ਕਰਨ ਤੋਂ ਬਾਅਦ 11 ਅਗਸਤ ਨੂੰ ਪ੍ਰਧਾਨ ਦੀ ਚੋਣ ਲਈ ਇਜਲਾਸ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਗਈ ਸੀ ਕਿ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦਿੱਤਾ ਜਾਵੇ। ਸ੍ਰੀ ਧਾਮੀ ਨੇ ਅਗਲੇਰੀ ਕਾਰਵਾਈ ਲਈ ਇਹ ਪੱਤਰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੂੰ ਭੇਜ ਦਿੱਤਾ ਸੀ ਪਰ ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਸ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ। ਸਗੋਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਅਕਾਲ ਤਖ਼ਤ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ।
ਇਸ ਸਬੰਧੀ ਪਾਸ ਕੀਤੇ ਮਤੇ ਵਿਚ ਪੰਜ ਸਿੰਘ ਸਾਹਿਬਾਨ ਨੇ ਕਿਹਾ ਕਿ ਵੱਖ-ਵੱਖ ਸਿੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮਾਮਲਾ ਵਿਚਾਰਿਆ, ਜਿਨ੍ਹਾਂ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਸੀ ਕਿ ਕੁਝ ਧਿਰਾਂ ਸਿਆਸੀ ਲਾਭ ਦੀ ਪ੍ਰਾਪਤੀ ਲਈ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਦਾ ਦਾਅਵਾ ਕਰ ਰਹੀਆਂ ਹਨ।
ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ, 2024 ਨੂੰ ਜਾਰੀ ਕੀਤੇ ਗਏ ਆਦੇਸ਼ ਦੇ ਸਬੰਧ ਵਿੱਚ ਅੱਜ ਦੇ ਆਪਣੇ ਆਦੇਸ਼ ਵਿੱਚ ਕਿਹਾ ਕਿ ਸਾਰੀਆਂ ਅਕਾਲੀ ਧਿਰਾਂ ਨੂੰ ਆਪਣੇ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕਜੁਟ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਜੇ 2 ਦਸੰਬਰ ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਅਕਾਲ ਤਖ਼ਤ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ।
ਕੋਈ ਧਿਰ ਅਕਾਲ ਤਖ਼ਤ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ: ਗੜਗੱਜ
Date: