ਕੈਬਨਿਟ ਮੰਤਰੀ ਵੱਲੋਂ ਸੀਸਗੰਜ ਸਾਹਿਬ ਵਿਖੇ ਜੋੜਿਆਂ ਦੀ ਸੇਵਾ
ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 8 ਵਜੇ ਦੇ ਕਰੀਬ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨੰਗੇ ਪੈਰੀਂ ਪੁੱਜੇ। ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਜੋੜੇ ਘਰ ਵਿੱਚ ਇੱਕ ਘੰਟੇ ਜੋੜੇ ਝਾੜਨ ਦੀ ਸੇਵਾ ਕੀਤੀ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਚ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਪੰਜਾਬੀ ਕਲਾਕਾਰ ਵੱਲੋਂ ਗੀਤ ਗਾਉਣ ਤੇ ਕੁਝ ਲੋਕਾਂ ਵੱਲੋਂ ਭੰਗੜੇ ਪਾਏ ਜਾਣ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੰਤਰੀ ਹਰਜੋਤ ਬੈਂਸ ਨੂੰ ਤਲਬ ਕਰਕੇ ਧਾਰਮਿਕ ਸਜ਼ਾ ਲਗਾਈ ਗਈ ਸੀ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਖਸ਼ੀ ਗਈ ਸੇਵਾ ਨੂੰ ਉਹ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਇੰਨ-ਬਿੰਨ ਪੂਰੀ ਕਰ ਰਹੇ ਹਨ, ਇਨਸਾਨ ਭੁੱਲਣਹਾਰ ਤੇ ਪ੍ਰਮਾਤਮਾ ਬਖਸ਼ਣਹਾਰ ਹੈ।