ਗਾਂ ਨੂੰ ਕੌਮੀ ਪਸ਼ੂ ਐਲਾਨਣ ਦੀ ਕੋਈ ਯੋਜਨਾ ਨਹੀਂ: ਕੇਂਦਰ ਸਰਕਾਰ
ਨਵੀਂ ਦਿੱਲੀ : ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਐਸਪੀ ਸਿੰਘ ਬਘੇਲ ਨੇ ਮੰਗਲਵਾਰ ਨੂੰ ਸੰਸਦ ਨੂੰ ਦੱਸਿਆ ਕਿ ਕੇਂਦਰ ਸਰਕਾਰ ਦੀ ਗਾਂ ਨੂੰ ਕੌਮੀ ਜਾਨਵਰ/ਪਸ਼ੂ ਐਲਾਨਣ ਲਈ ਕੋਈ ਕਾਨੂੰਨ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ।
ਲੋਕ ਸਭਾ ਵਿੱਚ ਸੀਨੀਅਰ ਭਾਜਪਾ ਨੇਤਾ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ, ਬਘੇਲ ਨੇ ਕਿਹਾ: ‘ਨਹੀਂ, ਸ੍ਰੀਮਾਨ। ਸੰਵਿਧਾਨ ਦੀ ਧਾਰਾ 246(3) ਦੇ ਅਨੁਸਾਰ, ਕੇਂਦਰ ਅਤੇ ਰਾਜਾਂ ਵਿਚਕਾਰ ਵਿਧਾਨਕ ਸ਼ਕਤੀਆਂ ਦੀ ਵੰਡ ਦੇ ਤਹਿਤ, ਜਾਨਵਰਾਂ ਦੀ ਸੰਭਾਲ ਇੱਕ ਅਜਿਹਾ ਮਾਮਲਾ ਹੈ ਜਿਸ ’ਤੇ ਰਾਜ ਵਿਧਾਨ ਸਭਾਵਾਂ ਕੋਲ ਕਾਨੂੰਨ ਬਣਾਉਣ ਦੀਆਂ ਵਿਸ਼ੇਸ਼ ਸ਼ਕਤੀਆਂ ਹਨ।’
ਮੰਤਰੀ ਬਘੇਲ ਨੇ ਕਿਹਾ ਕਿ ਕੇਂਦਰ ਸਰਕਾਰ ਦਸੰਬਰ 2014 ਤੋਂ ਰਾਸ਼ਟਰੀ ਗੋਕੁਲ ਮਿਸ਼ਨ ਨੂੰ ਲਾਗੂ ਕਰ ਰਹੀ ਹੈ, ਤਾਂ ਜੋ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਗਾਵਾਂ ਦੇ ਪ੍ਰਚਾਰ, ਸੁਰੱਖਿਆ ਅਤੇ ਪਾਲਣ-ਪੋਸ਼ਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਸਮਰਥਨ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।