ਦਿੱਲੀ ਐੱਨਸੀਆਰ ’ਚ ਆਵਾਰਾ ਕੁੱਤੇ: ਸੁਪਰੀਮ ਕੋਰਟ ਨੇ 11 ਅਗਸਤ ਦੇ ਹੁਕਮਾਂ ’ਤੇ ਫੈਸਲਾ ਰਾਖਵਾਂ ਰੱਖਿਆ
ਸਰਬਉੱਚ ਕੋਰਟ ਨੇ ਕਿਹਾ ਕਿ ਸਾਰੀ ਸਮੱਸਿਆ ਸਥਾਨਕ ਅਧਿਕਾਰੀਆਂ ਦੀ ਨਾਕਾਮੀ ਕਰਕੇ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ-ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਆਵਾਰਾ ਕੁੱਤਿਆਂ ਨਾਲ ਸਬੰਧਤ ਮਾਮਲੇ ਵਿਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੜਕਾਂ ਤੋਂ ਆਵਾਰਾ ਜਾਨਵਰਾਂ ਨੂੰ ਹਟਾਉਣ ਦੇ ਹੁਕਮਾਂ ‘ਤੇ ਰੋਕ ਲਗਾਉਣ ਦੀ ਮੰਗ ਕਰਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਾਰੀ ਸਮੱਸਿਆ ਸਥਾਨਕ ਅਧਿਕਾਰੀਆਂ ਦੀ ‘ਨਾਕਾਮੀ‘ ਕਾਰਨ ਹੈ।
ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਤਿੰਨ ਮੈਂਬਰੀ ਬੈਂਚ ਵੱਲੋਂ ਮਾਮਲੇ ਦੀ ਸੁਣਵਾਈ ਕੀਤੀ ਜਾ ਰਹੀ ਹੈ। ਸੁਣਵਾਈ ਦੌਰਾਨ ਸੌਲਿਸਟਰ ਜਨਰਲ ਤੁਸਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਕਾਰਨ ਬੱਚੇ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਵਿਵਾਦ ਖੜ੍ਹਾ ਕਰਨ ਦੀ ਥਾਂ ਇਸ ਨੂੰ ਸੁਲਝਾਉਣ ਦੀ ਲੋੜ ਹੈ।
ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਈ ਵੀ ਜਾਨਵਰਾਂ ਨੂੰ ਨਫਰਤ ਨਹੀਂ ਕਰਦਾ। ਉਨ੍ਹਾਂ ਸੁਪਰੀਮ ਕੋਰਟ ਨੂੰ ਦੱਸਿਆ ਕਿ ਦੇਸ ਵਿੱਚ ਇੱਕ ਸਾਲ ਵਿੱਚ ਕੁੱਤਿਆਂ ਦੇ ਕੱਟਣ ਦੇ 37 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਕਿ ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਨੂੰ ਹਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ ਦੇਣ ਵਾਲੇ 11 ਅਗਸਤ ਦੇ ਹੁਕਮਾਂ ’ਤੇ ਰੋਕ ਲਗਾਈ ਜਾਵੇ।
ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਆਰ. ਮਹਾਦੇਵਨ ਦੇ ਦੋ ਮੈਂਬਰੀ ਬੈਂਚ ਨੇ 11 ਅਗਸਤ ਨੂੰ ਦਿੱਲੀ-ਐਨਸੀਆਰ ਅਧਿਕਾਰੀਆਂ ਨੂੰ ਨਿਰਦੇਸ ਦਿੱਤਾ ਸੀ ਕਿ ਉਹ ਸਾਰੇ ਖੇਤਰਾਂ ਤੋਂ ਆਵਾਰਾ ਕੁੱਤਿਆਂ ਨੂੰ ‘ਜਲਦੀ ਤੋਂ ਜਲਦੀ’ ਚੁੱਕ ਕੇ ਸਬੰਧਤ ਆਸਰਾ ਸਥਾਨਾਂ ਵਿੱਚ ਭੇਜਣ। ਬੈਂਚ ਨੇ ਅਧਿਕਾਰੀਆਂ ਨੂੰ ਕੁੱਤਿਆਂ ਲਈ ਤੁਰੰਤ ਆਸਰਾ ਸਥਾਨ ਬਣਾਉਣ ਅਤੇ ਅੱਠ ਹਫਤਿਆਂ ਦੇ ਅੰਦਰ ਅਜਿਹੇ ਬੁਨਿਆਦੀ ਢਾਂਚੇ ਦੇ ਨਿਰਮਾਣ ਬਾਰੇ ਰਿਪੋਰਟ ਦੇਣ ਦਾ ਨਿਰਦੇਸ ਦਿੱਤਾ ਸੀ।
ਬੈਂਚ ਨੇ ਕਿਹਾ ਸੀ ਕਿ ਆਵਾਰਾ ਕੁੱਤਿਆਂ ਨੂੰ ਸੜਕਾਂ, ਕਲੋਨੀਆਂ ਜਾਂ ਜਨਤਕ ਥਾਵਾਂ ’ਤੇ ਨਾ ਛੱਡਿਆ ਜਾਵੇ ਬਲਕਿ ਸੈਲਟਰ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ਵਿੱਚ ਰੈਬੀਜ, ਖਾਸ ਕਰਕੇ ਆਵਾਰਾ ਕੁੱਤਿਆਂ ਦੇ ਕੱਟਣ ਕਾਰਨ ਬੱਚਿਆਂ ਵਿੱਚ ਹੋਣ ਵਾਲੇ ਰੈਬੀਜ ਦੇ ਸਬੰਧ ਵਿੱਚ 28 ਜੁਲਾਈ ਨੂੰ ਆਪੂ ਨੋਟਿਸ ਲੈਂਦਿਆਂ ਮਾਮਲੇ ਦੀ ਸੁਣਵਾਈ ਦੌਰਾਨ ਕਈ ਨਿਰਦੇਸ ਜਾਰੀ ਕੀਤੇ ਸਨ।