ਅੰਮਿ੍ਰਤਸਰ : 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮਗਰੋਂ ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਦੌਰਾਨ ਸੰਗਤ ਨਾਲ ਵਿਚਾਰ ਕਰਦਿਆਂ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਸੰਨ 1947 ਵਿੱਚ ਦੇਸ਼ ਦੀ ਵੰਡ ਸਮੇਂ ਜਿੱਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉੱਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਇਸ ਦੇਸ਼ ਵੰਡ ਸਮੇਂ ਸਿੱਖ ਕੌਮ ਨੂੰ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਪਾਕਿਸਤਾਨ ’ਚ ਰਹਿ ਗਏ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਅੱਜ ਵੀ ਹਰ ਸਿੱਖ ਅੰਦਰ ਮੌਜੂਦ ਹੈ।
ਇਸ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਕ ਸੁਨੇਹੇ ਰਾਹੀਂ ਕਿਹਾ ਕਿ ਪੰਜਾਬੀ ਅੱਜ ਵੀ ਸੰਨ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਅਜਿਹੀ ਵੰਡ ਅਤੇ ਕਤਲੇਆਮ ਵਾਲਾ ਵਰਤਾਰਾ ਕਦੇ ਨਾ ਵਾਪਰੇ। ਉਨ੍ਹਾਂ ਕਿਹਾ ਕਿ ਇਸ ਖ਼ਿੱਤੇ ਵਿੱਚ ਰਹਿਣ ਵਾਲੇ ਸਮੂਹ ਪੰਜਾਬੀ ਸਿੱਖ, ਹਿੰਦੂ ਤੇ ਮੁਸਲਮਾਨ ਅਗਸਤ 1947 ਨੂੰ ਪੰਜਾਬ ਦੇ ਉਜਾੜੇ ਦਾ ਸਮਾਂ ਮੰਨਦੇ ਹਨ।
ਅਕਾਲ ਤਖ਼ਤ ਸਾਹਿਬ ਵਿਖੇ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੀ ਯਾਦ ’ਚ ਅਰਦਾਸ
Date: