ਡੈਮਾਂ ਤੋਂ ਪਾਣੀ ਛੱਡੇ ਜਾਣ ਉਪਰੰਤ ਸਥਿਤੀ ਦਾ ਲਿਆ ਜਾਇਜ਼ਾ

0
294

ਡੈਮਾਂ ਤੋਂ ਪਾਣੀ ਛੱਡੇ ਜਾਣ ਉਪਰੰਤ ਸਥਿਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ : ਪਹਾੜਾਂ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਚੜੇ ਹੋਏ ਹਨ। ’ਉਝ’ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਇੱਥੇ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ ਅਤੇ ਪੱਧਰ ਵੱਧ ਗਿਆ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ ਦਾ ਦੌਰਾ ਕੀਤਾ ਹੈ ਅਤੇ ਦੱਸਿਆ ਕਿ ਦਰਿਆ ਵਿੱਚ ਇਸ ਵੇਲੇ ਲਗਭਗ 1.4 ਲੱਖ ਕਿਊਸਿਕ ਪਾਣੀ ਚੱਲ ਰਿਹਾ ਹੈ, ਪਰ ਖਤਰੇ ਵਾਲੀ ਕੋਈ ਸਥਿਤੀ ਨਹੀਂ ਹੈ। ਇਸ ਦੇ ਬਾਵਜੂਦ ਕੁਝ ਪਿੰਡਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਝ ਦਰਿਆ ਵਿੱਚ ਵਾਧੂ ਪਾਣੀ ਛੱਡੇ ਜਾਣ ਤੋਂ ਬਾਅਦ ਉਸ ਦਾ ਪ੍ਰਭਾਵ ਅਜ ਅਜਨਾਲਾ ਤੇ ਰਮਦਾਸ ਬਲਾਕ ਦੇ ਕੁੱਝ ਪਿੰਡਾਂ ਵਿੱਚ ਨਜ਼ਰ ਆ ਰਿਹਾ। ਪਰ ਚੰਗੀ ਗੱਲ ਇਹ ਹੈ ਕਿ ਹੁਣ ਉਝ ਦਰਿਆ ਦੇ ਵਿੱਚ ਵੀ ਪਾਣੀ ਦਾ ਪੱਧਰ ਘੱਟ ਗਿਆ ਹੈ। ਪਰ ਇਸ ਦੇ ਬਾਵਜੂਦ ਦੋ ਦਿਨ ਵਾਸਤੇ ਅਲਰਟ ਜਾਰੀ ਕੀਤਾ ਗਿਆ ਹੈ।
ਇਥੇ ਰਾਵੀ ਦਰਿਆ ਵਿੱਚ ਪਿੱਛੋਂ ਛੱਡਿਆ ਪਾਣੀ ਪਹੁੰਚਣ ਮਗਰੋਂ ਪੱਧਰ ਵਧ ਹੋ ਗਿਆ ਹੈ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਕੁੱਝ ਪਿੰਡਾਂ ਦੀ ਸ਼ਨਾਖਤ ਕਰਦਿਆਂ ਅਲਰਟ ’ਤੇ ਰੱਖਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਬੀਤੀ ਰਾਤ ਤੋਂ ਹੀ ਇਥੇ ਟੀਮ ਤਾਇਨਾਤ ਕੀਤੀ ਹੋਈ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਦੇ ਕੁੱਝ ਕਮਜ਼ੋਰ ਕੰਢਿਆਂ ਦੀ ਮਜ਼ਬੂਤੀ ਲਈ ਕੰਮ ਚੱਲ ਰਿਹਾ ਹੈ। ਬਿਆਸ ਦਰਿਆ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਉੱਥੇ ਸਥਿਤੀ ਠੀਕ ਹੈ। ਇਸ ਮੌਕੇ ਜ਼ਿਲ੍ਹਾਂ ਦਿਹਾਤੀ ਪੁਲੀਸ ਦੇ ਐੱਸਐੱਸਪੀ ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਭਾਰੀ ਮੀਂਹ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ
ਜੰਮੂ ਡਵੀਜ਼ਨ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਨੇ ਜਨ-ਜੀਵਨ ਦੇ ਨਾਲ-ਨਾਲ ਰੇਲ ਆਵਾਜਾਈ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਰੇਲਵੇ ਅਧਿਕਾਰੀਆਂ ਅਨੁਸਾਰ ਪੁਲ ਨੰਬਰ 43 ’ਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ, ਜਿਸ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਜ਼ਰੂਰੀ ਕਦਮ ਚੁੱਕੇ ਗਏ ਹਨ। ਕਈ ਥਾਵਾਂ ’ਤੇ ਪਾਣੀ ਭਰਨ ਕਾਰਨ ਜ਼ਮੀਨ ਖਿਸਕਣ ਦੀ ਵੀ ਸੂਚਨਾ ਹੈ ਅਤੇ ਇਸ ਸੰਕਟਮਈ ਸਥਿਤੀ ਕਾਰਨ ਕਈ ਲੰਬੀ ਦੂਰੀ ਦੀਆਂ ਰੇਲਗੱਡੀਆਂ ਨੂੰ ਅੱਧ ਵਿਚਕਾਰ ਹੀ ਰੋਕ ਦਿੱਤਾ ਗਿਆ ਹੈ।
ਸੂਚਨਾ ਅਧਿਕਾਰੀ ਹਿਮਾਂਸ਼ੂ ਸ਼ੇਖਰ ਉਪਾਧਿਆਏ ਨੇ ਦੱਸਿਆ ਕਿ ਕਈ ਰੇਲ ਗੱਡੀਆਂ ਦੇ ਚੱਲਣ ਦੇ ਸਥਾਨ ਵਿਚ ਬਦਲਾਅ ਕੀਤਾ ਗਿਆ ਹੈ। ਰੇਲਵੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਕਈ ਮਹੱਤਵਪੂਰਨ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਵਿੱਚੋਂ ਕੁਝ ਰੇਲਗੱਡੀਆਂ ਨੂੰ ਪਠਾਨਕੋਟ ਕੈਂਟ ਵਿੱਚ ਹੀ ਰੋਕ ਦਿੱਤਾ ਗਿਆ ਹੈ, ਜਦਕਿ ਕੁਝ ਦਾ ਸਫ਼ਰ ਇਸੇ ਸਟੇਸ਼ਨ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਕੁਝ ਹੋਰ ਰੇਲਗੱਡੀਆਂ ਦੇ ਰੂਟ ਵਿੱਚ ਵੀ ਬਦਲਾਅ ਕੀਤਾ ਗਿਆ ਹੈ।
ਰੇਲਵੇ ਵਿਭਾਗ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਤੋਂ ਪਹਿਲਾਂ ਰੇਲਵੇ ਦੀ ਅਧਿਕਾਰਤ ਵੈੱਬਸਾਈਟ ਜਾਂ ਹੈਲਪਲਾਈਨ ਨੰਬਰਾਂ ਤੋਂ ਜਾਣਕਾਰੀ ਜ਼ਰੂਰ ਪ੍ਰਾਪਤ ਕਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਤੋਂ ਬਚਿਆ ਜਾ ਸਕੇ। ਇਸ ਸਮੱਸਿਆ ਦੇ ਹੱਲ ਲਈ ਰੇਲਵੇ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਸਥਿਤੀ ਆਮ ਹੋਣ ਤੋਂ ਬਾਅਦ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here