ਭਾਰਤੀ ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ
ਨਵੀਂ ਦਿੱਲੀ, :ਲੋਕ ਸਭਾ ਦੀ ਕਾਰਵਾਈ ਅੱਜ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਮੌਨਸੂਨ ਸੈਸ਼ਨ ਦੀ ਕਾਰਵਾਈ ਵਿੱਚ ਡੈੱਡਲਾਕ ਬਣਾਈ ਰੱਖਣ ਲਈ ਵਿਰੋਧੀ ਪਾਰਟੀਆਂ ਪ੍ਰਤੀ ਨਿਰਾਸ਼ਾ ਪ੍ਰਗਟ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਸਦਨ ਦੇ ਕੰਮਕਾਜ ਵਿੱਚ ਵਿਘਨ ਪਾਇਆ ਗਿਆ, ਜੋ ਲੋਕਤੰਤਰ ਅਤੇ ਸਦਨ ਦੀ ਸ਼ਾਨ ਦੇ ਅਨੁਸਾਰ ਨਹੀਂ ਹੈ।
ਸਵੇਰੇ 11 ਵਜੇ ਪਹਿਲਾਂ ਮੁਲਤਵੀ ਕੀਤੇ ਜਾਣ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਮੁੜ ਸ਼ੁਰੂ ਹੋਈ, ਜਿਸ ਵਿੱਚ ਬਿਰਲਾ ਨੇ ਦੁੱਖ ਪ੍ਰਗਟ ਕੀਤਾ ਕਿ ਪੂਰੇ ਸੈਸ਼ਨ ਦੌਰਾਨ ਕਾਰਵਾਈ ’ਚ ਵਾਰ-ਵਾਰ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਸਾਰਿਆਂ ਲਈ ਆਤਮ-ਨਿਰੀਖਣ ਦਾ ਸਮਾਂ ਹੈ ਕਿਉਂਕਿ ਮਹੀਨਾ ਭਰ ਚੱਲੇ ਸੈਸ਼ਨ ਦੌਰਾਨ ਜ਼ਿਆਦਾ ਚਰਚਾ ਨਹੀਂ ਹੋ ਸਕੀ।
ਸੈਸ਼ਨ 21 ਜੁਲਾਈ ਨੂੰ ਸ਼ੁਰੂ ਹੋਇਆ ਸੀ, ਜਿਸ ਵਿੱਚ ਸਮੁੱਚੀ ਵਿਰੋਧੀ ਧਿਰ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੇ ਵਿਸ਼ੇਸ਼ ਵਿਆਪਕ ਸੋਧ (S9R) ’ਤੇ ਚਰਚਾ ਦੀ ਮੰਗ ਕਰਦਿਆਂ ਰੋਜ਼ਾਨਾ ਕਾਰਵਾਈ ਵਿੱਚ ਵਿਘਨ ਪਾਇਆ। ਆਪਣੇ ਸਮਾਪਤੀ ਭਾਸ਼ਣ ਤੋਂ ਬਾਅਦ ਓਮ ਬਿਰਲਾ ਨੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ।
ਲੋਕ ਸਭਾ ਵਿੱਚ 14 ਸਰਕਾਰੀ ਬਿੱਲ ਪੇਸ਼ ਕੀਤੇ ਗਏ ਅਤੇ 12 ਬਿੱਲ ਬਿਨਾਂ ਚਰਚਾ ਜਾਂ ਸੰਖੇਪ ਚਰਚਾ ਦੇ ਪਾਸ ਕੀਤੇ ਗਏ। ਇਨ੍ਹਾਂ ਵਿੱਚ ਅਨੁਸੂਚਿਤ ਜਨਜਾਤੀਆਂ ਦੇ ਵਿਧਾਨ ਸਭਾ ਹਲਕਿਆਂ ਦੇ ਪੁਨਰਗਠਨ ਨਾਲ ਸਬੰਧਤ ਗੋਆ ਬਿੱਲ 2025, ਵਪਾਰੀ ਸ਼ਿਪਿੰਗ ਬਿੱਲ 2025, ਮਨੀਪੁਰ ਵਸਤੂਆਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2025, ਮਨੀਪੁਰ ਨਿਯੋਜਨ (ਨੰਬਰ 2) ਬਿੱਲ 2025, ਰਾਸ਼ਟਰੀ ਖੇਡ ਪ੍ਰਸ਼ਾਸਨ ਬਿੱਲ 2025 ਅਤੇ ਰਾਸ਼ਟਰੀ ਡੋਪਿੰਗ ਵਿਰੋਧੀ (ਸੋਧ) ਬਿੱਲ 2025 ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ, ਆਮਦਨ ਟੈਕਸ ਬਿੱਲ 2025, ਟੈਕਸੇਸ਼ਨ ਕਾਨੂੰਨ (ਸੋਧ) ਬਿੱਲ 2025, ਭਾਰਤੀ ਬੰਦਰਗਾਹ ਬਿੱਲ 2025, ਖਣਿਜ ਅਤੇ ਖਣਿਜ ਵਿਕਾਸ (ਨਿਯਮ ਅਤੇ ਸੋਧ) ਬਿੱਲ 2025, ਭਾਰਤੀ ਪ੍ਰਬੰਧਨ ਸੰਸਥਾਨ (ਸੋਧ) ਬਿੱਲ 2025 ਅਤੇ ਆਨਲਾਈਨ ਖੇਡ ਪ੍ਰਮੋਸ਼ਨ ਅਤੇ ਨਿਯਮਨ ਬਿੱਲ, 2025 ਨੂੰ ਵੀ ਲੋਕ ਸਭਾ ਵਿੱਚ ਹੰਗਾਮੇ ਵਿਚਕਾਰ ਪਾਸ ਕੀਤਾ ਗਿਆ।
ਲੋਕ ਸਭਾ ਨੇ ਗੰਭੀਰ ਅਪਰਾਧਿਕ ਦੋਸ਼ਾਂ ਹੇਠ ਗ੍ਰਿਫ਼ਤਾਰ ਹੋਣ ਵਾਲੇ ਪ੍ਰਧਾਨ ਮੰਤਰੀ, ਮੁੱਖ ਮੰਤਰੀਆਂ ਅਤੇ ਮੰਤਰੀਆਂ ਅਤੇ ਲਗਾਤਾਰ 30 ਦਿਨਾਂ ਤੱਕ ਹਿਰਾਸਤ ਵਿੱਚ ਰਹਿਣ ’ਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਵਿਵਸਥਾ ਵਾਲੇ ‘ਸੰਵਿਧਾਨ (130ਵਾਂ ਸੋਧ) ਬਿੱਲ, 2025’, ‘ਕੇਂਦਰ ਸ਼ਾਸਤ ਪ੍ਰਦੇਸ਼ਾਂ ਦਾ ਸ਼ਾਸਨ (ਸੋਧ) ਬਿੱਲ, 2025’ ਅਤੇ ‘ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2025’, ਨੂੰ ਸੰਸਦ ਦੀ ਸਾਂਝੀ ਕਮੇਟੀ ਨੂੰ ਭੇਜਣ ਦਾ ਫ਼ੈਸਲਾ ਕੀਤਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀ ਦੇ ਕਾਫ਼ੀ ਹੰਗਾਮੇ ਦਰਮਿਆਨ ਬੁੱਧਵਾਰ ਨੂੰ ਇਹ ਬਿੱਲ ਪੇਸ਼ ਕੀਤੇ ਸੀ ਅਤੇ ਇਸ ਦੌਰਾਨ ਸਦਨ ਵਿੱਚ ਸੱਤਾਧਾਰੀ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਹੋਈ।
ਸਦਨ ਦੀ ਸ਼ੁਰੂਆਤ ਤੋਂ ਹੀ ਬਿਹਾਰ ਵਿੱਚ ਵੋਟਰ ਸੂਚੀ ਵਿੱਚ ਵਿਸ਼ੇਸ਼ ਵਿਆਪਕ ਸੋਧ (S9R) ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੇ ਸਦਨ ਵਿੱਚ ਲਗਾਤਾਰ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਕਾਰਵਾਈ ਪ੍ਰਭਾਵਿਤ ਹੋਈ।
ਵਿਰੋਧੀ ਧਿਰ ਦੇ ਹੰਗਾਮੇ ਕਾਰਨ ਕੁਝ ਬਿੱਲ ਸੰਖੇਪ ਚਰਚਾ ਨਾਲ ਪਾਸ ਹੋ ਗਏ ਅਤੇ ਕੁਝ ਬਿਨਾਂ ਕਿਸੇ ਚਰਚਾ ਦੇ। 28 ਅਤੇ 29 ਜੁਲਾਈ ਨੂੰ ਸਦਨ ਵਿੱਚ ਅਪਰੇਸ਼ਨ ਸਿੰਧੂਰ ’ਤੇ ਵਿਸ਼ੇਸ਼ ਚਰਚਾ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਹੋਈ, ਜਿਸ ਦਾ ਜਵਾਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤਾ।
18 ਅਗਸਤ ਨੂੰ ਲੋਕ ਸਭਾ ਵਿੱਚ ਭਾਰਤ ਦੇ ਪੁਲਾੜ ਪ੍ਰੋਗਰਾਮ ਦੀਆਂ ਪ੍ਰਾਪਤੀਆਂ ’ਤੇ ਇੱਕ ਵਿਸ਼ੇਸ਼ ਚਰਚਾ ਸ਼ੁਰੂ ਕੀਤੀ ਗਈ ਸੀ, ਪਰ ਸਿਰਫ਼ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਜਤਿੰਦਰ ਸਿੰਘ ਅਤੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਹੀ ਆਪਣੇ ਵਿਚਾਰ ਪ੍ਰਗਟ ਕਰ ਸਕੇ ਅਤੇ ਹੰਗਾਮੇ ਕਾਰਨ ਇਹ ਅੱਗੇ ਨਹੀਂ ਵਧ ਸਕਿਆ।