ਪੰਜਾਬ ਵਿੱਚ ਹੜ੍ਹਾਂ ਨਾਲ ਲੋਕਾਂ ਵਿੱਚ ਪੇ੍ਰਸ਼ਾਨੀ ਦਾ ਆਲਮ

0
83

ਪੰਜਾਬ ਵਿੱਚ ਹੜ੍ਹਾਂ ਨਾਲ ਲੋਕਾਂ ਵਿੱਚ ਪੇ੍ਰਸ਼ਾਨੀ ਦਾ ਆਲਮ
ਚੰਡੀਗੜ੍ਹ : ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਰਕੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। ਇਸ ਨਾਲ ਜਿੱਥੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਨੇ ਪੈ ਰਹੇ ਹਨ ਉੱਥੇ ਹੀ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਵੀ ਪਾਣੀ ਵਿੱਚ ਡੁੱਬ ਗਈ ਹੈ। ਹੜ੍ਹਾਂ ਕਰਕੇ ਪੰਜਾਬ ਵਿੱਚ ਆਮ ਜਨ-ਜੀਵਨ ਪ੍ਰਭਾਵਿਤ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਨਾਲ ਵੀ ਰਾਵੀ ਅਤੇ ਬਿਆਸ ਦਰਿਆ ਵੀ ਚੜ੍ਹੇ ਹੋਏ ਹਨ। ਪ੍ਰਸ਼ਾਸਨ ਨੇ ਸਰਹਦੀ ਜ਼ਿਲ੍ਹਿਆਂ ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ ਅਤੇ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਫਾਜ਼ਿਲਕਾ ਵਿਚ ਦੋ ਦਰਜਨ ਦੇ ਕਰੀਬ ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਵੀ ਹੜ੍ਹਾਂ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਖਿੱਚ ਲਈਆਂ ਹਨ। ਸੂਬਾ ਸਰਕਾਰ ਵੱਲੋਂ ਜਲੰਧਰ ਵਿੱਚ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਵੱਖ-ਵੱਖ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੌਰਾ ਵੀ ਕਰ ਰਹੇ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਤਰਨ ਤਾਰਨ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪਠਾਨਕੋਟ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ।
ਮਾਲਵੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੀਜੇ ਦਿਨ ਵੀ ਮੀਂਹ ਜਾਰੀ ਹੈ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਦਾ ਰਿਹਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਰਾਵੀ ਅਤੇ ਬਿਆਸ ਦੇ ਕੰਢਿਆਂ ’ਤੇ ਪੈਂਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਾਈ ਅਲਰਟ ’ਤੇ ਰਹਿਣ ਲਈ ਕਿਹਾ ਹੈ।

LEAVE A REPLY

Please enter your comment!
Please enter your name here