ਰਾਵੀ ਦਰਿਆ ਵਿਚ ਡੁੱਬਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਕ ਹਿੱਸਾ
ਡੇਰਾ ਬਾਬਾ ਨਾਨਕ : ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ।
ਗੁਰਦੁਆਰੇ ਦੇ ਅਹਾਤੇ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ ਹੈ। ਦਰਬਾਰ ਸਾਹਿਬ ਦੀਆਂ ਮੁੱਖ ਪੌੜੀਆਂ ਦੀਆਂ ਚਾਰ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਾਹਰ ਸਥਿਤ ਮਜ਼ਾਰ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ, ਜਦੋਂ ਕਿ ਜ਼ਮੀਨੀ ਮੰਜ਼ਿਲ ’ਤੇ ਬਣੀ ਸਮਾਧ ਵੀ ਪਾਣੀ ਵਿੱਚ ਡੁੱਬ ਗਈ ਹੈ।
ਹਾਲਾਂਕਿ ਰਾਹਤ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ ਹਨ, ਜਿਨ੍ਹਾਂ ਨੂੰ ਉੱਪਰਲੀ ਮੰਜ਼ਿਲ ’ਤੇ ਰੱਖਿਆ ਗਿਆ ਹੈ। ਹੜ੍ਹ ਨੇ ਗੁਰਦੁਆਰੇ ਦੇ ਆਲੇ-ਦੁਆਲੇ ਦੇ ਪਿੰਡਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਕਰਤਾਰਪੁਰ ਸਾਹਿਬ-ਨਾਰੋਵਾਲ ਸੜਕ ’ਤੇ ਪਾਣੀ ਭਰਨ ਕਾਰਨ ਆਵਾਜਾਈ ਠੱਪ ਹੋ ਗਈ ਹੈ ਅਤੇ ਲੋਕਾਂ ਦਾ ਆਮ ਜੀਵਨ ਪ੍ਰਭਾਵਿਤ ਹੋਇਆ ਹੈ।
ਰਾਵੀ ਦਰਿਆ ਵਿੱਚ ਆਏ ਹੜ੍ਹ ਨੇ ਲਹਿੰਦੇ ਪੰਜਾਬ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਇਸ ਦੇ ਲਾਂਘੇ ਨੂੰ ਵੀ ਪ੍ਰਭਾਵਿਤ ਕੀਤਾ ਹੈ। ਹੜ੍ਹ ਦਾ ਪਾਣੀ ਗੁਰਦੁਆਰਾ ਕੈਂਪਸ ਦੇ ਅੰਦਰ ਦਾਖਲ ਹੋ ਗਿਆ ਜਿਥੇ 30 ਲੋਕ ਫਸੇ ਗਏੇ। ਪਾਕਿਸਤਾਨ ਸਰਕਾਰ ਵੱਲੋਂ ਉੱਥੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਅਤੇ ਲਗਪਗ 30 ਵਿਅਕਤੀਆਂ ਨੂੰ ਗੁਰਦੁਆਰਾ ਸਾਹਿਬ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਸਿੱਖ ਆਗੂ ਨੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਪਾਕਿਸਤਾਨ ਦੇ ਹੜ੍ਹ ਪੀੜਤਾਂ ਨਾਲ ਇੱਕਜੁੱਟਤਾ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ ਹੈ।