ਪੰਜ ਸਾਲਾਂ ਬਾਅਦ ਭਾਰਤ ਤੇ ਚੀਨ ਵਿਚਾਲੇ ਉਡਾਣਾਂ ਬਹਾਲ ਨਵੀਂ ਦਿੱਲੀ

0
94

ਪੰਜ ਸਾਲਾਂ ਬਾਅਦ ਭਾਰਤ ਤੇ ਚੀਨ ਵਿਚਾਲੇ ਉਡਾਣਾਂ ਬਹਾਲ ਨਵੀਂ ਦਿੱਲੀ : ਪੰਜ ਸਾਲਾਂ ਦੇ ਵਕਫ਼ੇ ਮਗਰੋਂ ਭਾਰਤ ਅਤੇ ਚੀਨ ਪੂਰਬੀ ਲੱਦਾਖ ਵਿੱਚ ਸਰਹੱਦੀ ਤਣਾਅ ਕਾਰਨ ਵਿਗੜੇ ਸਬੰਧਾਂ ਨੂੰ ਮੁੜ ਮਜ਼ਬੂਤ ਕਰਨ ਦੇ ਇਰਾਦੇ ਨਾਲ ਇਸ ਮਹੀਨੇ ਦੇ ਅੰਤ ਤੱਕ ਸਿੱਧੀਆਂ ਉਡਾਣਾਂ ਸੇਵਾਵਾਂ ਮੁੜ ਸ਼ੁਰੂ ਕਰਨਗੇ। ਵਿਦੇਸ਼ ਮੰਤਰਾਲੇ (M51) ਵੱਲੋਂ ਇਹ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਚੀਨ ਦੇ ਤਿਆਨਜਿਨ ਸ਼ਹਿਰ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਦੇ ਸਿਖਰ ਸੰਮੇਲਨ ਦੇ ਹਾਸ਼ੀਏ ’ਤੇ ਗੱਲਬਾਤ ਕਰਨ ਤੋਂ ਇੱਕ ਮਹੀਨਾ ਬਾਅਦ ਆਇਆ ਹੈ। 2020 ਵਿੱਚ ਕੋਵਿਡ-19 ਮਹਾਮਾਰੀ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਉਡਾਣ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਪੂਰਬੀ ਲੱਦਾਖ ਵਿੱਚ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਸਰਹੱਦੀ ਤਣਾਅ ਦੇ ਮੱਦੇਨਜ਼ਰ ਉਡਾਣਾਂ ਨੂੰ ਬਹਾਲ ਨਹੀਂ ਕੀਤਾ ਗਿਆ ਸੀ, ਜੋ ਪਿਛਲੇ ਸਾਲ ਅਕਤੂਬਰ ਵਿੱਚ ਸੁਲਝ ਗਿਆ ਸੀ। ਮੰਤਰਾਲੇ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਦੇ ਸ਼ਡਿਊਲ ਦੇ ਅਨੁਸਾਰ ਅਤੇ ਦੋਵਾਂ ਦੇਸ਼ਾਂ ਦੇ ਨਿਰਧਾਰਤ ਕੈਰੀਅਰਾਂ ਦੇ ਵਪਾਰਕ ਫੈਸਲੇ ਅਤੇ ਸਾਰੇ ਸੰਚਾਲਨ ਮਾਪਦੰਡਾਂ ਨੂੰ ਪੂਰਾ ਕਰਨ ਮਗਰੋਂ ਹੁਣ ਇਹ ਸਹਿਮਤੀ ਬਣ ਗਈ ਹੈ ਕਿ ਭਾਰਤ ਅਤੇ ਚੀਨ ਵਿੱਚ ਨਿਰਧਾਰਤ ਬਿੰਦੂਆਂ ਨੂੰ ਜੋੜਨ ਵਾਲੀਆਂ ਸਿੱਧੀਆਂ ਹਵਾਈ ਸੇਵਾਵਾਂ ਅਕਤੂਬਰ ਦੇ ਅਖੀਰ ਤੱਕ ਮੁੜ ਸ਼ੁਰੂ ਹੋ ਸਕਦੀਆਂ ਹਨ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, ‘‘ਸਿਵਲ ਹਵਾਬਾਜ਼ੀ ਅਧਿਕਾਰੀਆਂ ਦਾ ਇਹ ਸਮਝੌਤਾ ਭਾਰਤ ਅਤੇ ਚੀਨ ਵਿਚਕਾਰ ਲੋਕਾਂ-ਤੋਂ-ਲੋਕਾਂ ਦੇ ਸੰਪਰਕ ਨੂੰ ਹੋਰ ਸਹੂਲਤਮਈ ਬਣਾਵੇਗਾ, ਦੁਵੱਲੇ ਆਦਾਨ-ਪ੍ਰਦਾਨ ਨੂੰ ਹੌਲੀ-ਹੌਲੀ ਆਮ ਬਣਾਉਣ ਵਿੱਚ ਯੋਗਦਾਨ ਪਾਵੇਗਾ।’’ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਸਿਵਲ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਭਾਰਤ ਅਤੇ ਚੀਨ ਅਕਤੂਬਰ ਦੇ ਅੰਤ ਤੱਕ ਸਿੱਧੀਆਂ ਹਵਾਈ ਸੇਵਾਵਾਂ ਮੁੜ ਸ਼ੁਰੂ ਕਰ ਦੇਣਗੇ। ਪਿਛਲੇ ਕੁਝ ਮਹੀਨਿਆਂ ਦੌਰਾਨ ਦੋਵਾਂ ਦੇਸ਼ਾਂ ਨੇ ਆਪਸੀ ਸਬੰਧਾਂ ਨੂੰ ਸੁਧਾਰਨ ਲਈ ਕਈ ਕਦਮ ਚੁੱਕੇ ਹਨ, ਜਿਸ ਵਿੱਚ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਬਹਾਲ ਕਰਨਾ ਵੀ ਸ਼ਾਮਲ ਹੈ।

LEAVE A REPLY

Please enter your comment!
Please enter your name here