ਭਾਰਤ-ਕੈਨੇਡਾ ਸਬੰਧ ਮਜ਼ਬੂਤ ਹੋਣਗੇ
ਨਵੀਂ ਦਿੱਲੀ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਅੱਜ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੋਦੀ ਨੇ ਵਪਾਰ, ਊਰਜਾ, ਤਕਨਾਲੋਜੀ ਅਤੇ ਲੋਕਾਂ ਵਿਚਾਲੇ ਸਬੰਧਾਂ ਵਰਗੇ ਖੇਤਰਾਂ ਵਿੱਚ ਭਾਰਤ-ਕੈਨੇਡਾ ਸਬੰਧਾਂ ਦੀ ਮਹੱਤਤਾ ਨੂੰ ਉਭਾਰਿਆ। ਅਧਿਕਾਰਤ ਬਿਆਨ ਅਨੁਸਾਰ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਜੂਨ ਵਿੱਚ ਜੀ-7 ਸਿਖਰ ਸੰਮੇਲਨ ਲਈ ਆਪਣੀ ਕੈਨੇਡਾ ਫੇਰੀ ਨੂੰ ਯਾਦ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ‘ਬੇਹੱਦ ਲਾਹੇਵੰਦ’ ਮੀਟਿੰਗ ਕੀਤੀ ਸੀ। ਬਿਆਨ ਅਨੁਸਾਰ, ‘ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ, ਊਰਜਾ, ਤਕਨਾਲੋਜੀ, ਖੇਤੀਬਾੜੀ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਵਧੇ ਹੋਏ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ।’
ਮੋਦੀ ਨੇ ਕਾਰਨੀ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਅਤੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨਾਲ ਹੋਣ ਵਾਲੀ ਮੁਲਾਕਾਤ ਦੀ ਉਡੀਕ ਕਰ ਰਹੇ ਹਨ। ਆਨੰਦ ਬੀਤੀ ਸ਼ਾਮ ਨਵੀਂ ਦਿੱਲੀ ਪਹੁੰਚੇ ਸਨ। ਇਸ ਤਿੰਨ-ਦੇਸ਼ੀ ਦੌਰੇ ਤਹਿਤ ਉਹ ਚੀਨ ਅਤੇ ਸਿੰਗਾਪੁਰ ਵੀ ਜਾਣਗੇ। ਦੱਸਣਯੋਗ ਹੈ ਕਿ ਸਾਲ 2023 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸੰਭਾਵੀ ਭਾਰਤੀ ਹੱਥ ਹੋਣ ਦੇ ਦੋਸ਼ਾਂ ਤੋਂ ਬਾਅਦ ਭਾਰਤ-ਕੈਨੇਡਾ ਸਬੰਧ ਬਹੁਤ ਜ਼ਿਆਦਾ ਵਿਗੜ ਗਏ ਸਨ।