ਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ ਧਰਮਕੋਟ ਦੇ ਮੁੱਖ ਚੌਕ ਵਿਚ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਕਪੂਰਥਲਾ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਪੁਲੀਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਦੋਸ਼ ਹੇਠ ਬੀ ਐੱਨ ਐੱਸ ਅਤੇ ਐੱਸ ਸੀ/ਐੱਸ ਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕੇਸ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਵਾਸੀ ਕਪੂਰਥਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਰਬਜੋਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਰਾਜਾ ਵੜਿੰਗ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਪਿਤਾ ਮਰਹਮੂ ਬੂਟਾ ਸਿੰਘ ਖ਼?ਲਾਫ਼ ਜੋ ਟਿੱਪਣੀਆਂ ਕੀਤੀਆਂ ਹਨ, ਉਨ੍ਹਾਂ ਨਾਲ ਸਮੂਹ ਮਜ਼੍ਹਬੀ ਸਿੱਖ ਭਾਈਚਾਰੇ ਅਤੇ ਪਰਿਵਾਰ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਰਾਜਾ ਵੜਿੰਗ ਨੇ ਆਪਣੀਆਂ ਟਿੱਪਣੀਆਂ ਵਿੱਚ ਉਨ੍ਹਾਂ ਦੇ ਕਾਲੇ ਰੰਗ, ਕਾਬਿਲ ਨਾ ਹੋਣ ਦੇ ਬਾਵਜੂਦ ਮਜ਼?ਹਬੀ ਸਿੱਖਾਂ ਕਰ ਕੇ ਉਨ੍ਹਾਂ ਨੂੰ ਗ੍ਰਹਿ ਮੰਤਰੀ ਦਾ ਰੁਤਬਾ ਦੇਣ ਸਣੇ ਕਈ ਟਿੱਪਣੀਆਂ ਕੀਤੀਆਂ ਸਨ, ਜਿਸ ਨਾਲ ਸਮਾਜ ਤੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਇਸ ਮਾਮਲੇ ਵਿੱਚ ਮੁਆਫ਼ੀ ਵੀ ਮੰਗ ਚੁੱਕੇ ਹਨ। ਪੁਲੀਸ ਨੇ ਇਸ ਸਬੰਧ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 353, 196 ਅਤੇ ਐੱਸ ਸੀ/ਐੱਸ ਟੀ ਐਕਟ ਦੀ ਧਾਰਾ 3(1)(ਯੂ) ਤੇ 3(1)(ਵੀ) ਤਹਿਤ ਕੇਸ ਦਰਜ ਕੀਤਾ ਹੈ। ਆਮ ਆਦਮੀ ਪਾਰਟੀ ਦੇ ਐੱਸਸੀ ਵਿੰਗ ਵੱਲੋਂ ਧਰਮਕੋਟ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਹਲਕੇ ਦੇ ‘ਆਪ’ ਦੇ ਐੱਸਸੀ ਵਿੰਗ ਦੇ ਆਗੂ ਅਮਰਜੀਤ ਸਿੰਘ ਦੌਲੇਵਾਲੀਆ ਅਤੇ ਨਵਦੀਪ ਸਿੰਘ ਮੰਦਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਰਕਰ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਵਿਰੁੱਧ ਲੰਘੇ ਦਿਨੀਂ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਖਿਲਾਫ਼ ਰੋਸ ਪ੍ਰਗਟ ਕਰ ਰਹੇ ਸਨ। ਪੁਤਲਾ ਫੂਕਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਦੋਵਾਂ ਦਲਿਤ ਆਗੂਆਂ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਮਰਹੂਮ ਦਲਿਤ ਨੇਤਾ ਬੂਟਾ ਸਿੰਘ ਵਿਰੁੱਧ ਅਸੱਭਿਅਕ ਭਾਸ਼ਾ ਦੀ ਵਰਤੋਂ ਸਮੁੱਚੇ ਭਾਈਚਾਰੇ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੇ ਬਿਆਨ ਵਿੱਚੋਂ ਉਚ ਜਾਤੀ ਦੇ ਹੰਕਾਰ ਦੀ ਬੂ ਆਉਂਦੀ ਹੈ।
