ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ
ਚੰਡੀਗੜ੍ਹ : ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਬਕਾਇਦਾ ਸਮਰੱਥ ਅਥਾਰਿਟੀ ਤੋਂ ਪ੍ਰਵਾਨਗੀ ਲੈਣੀ ਪਵੇਗੀ। ਜਿਸ ਤਰ੍ਹਾਂ ਸਰਕਾਰੀ ਮੁਲਾਜ਼ਮ ਤੇ ਅਧਿਕਾਰੀ ‘ਐਕਸ ਇੰਡੀਆ ਲੀਵ’ ਲੈਂਦੇ ਹਨ, ਉਸੇ ਤਰਜ਼ ’ਤੇ ਸਰਪੰਚਾਂ ਤੇ ਪੰਚਾਂ ਨੂੰ ਰਾਹ ਅਖ਼ਤਿਆਰ ਕਰਨਾ ਪਵੇਗਾ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਵਿਕਾਸ ਤੇ ਪੰਚਾਇਤਾਂ ਅਫਸਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ ਅਨੁਸਾਰ ਪੰਚਾਇਤੀ ਰਾਜ ਇਕਾਈਆਂ ਦੇ ਚੁਣੇ ਹੋਏ ਨੁਮਾਇੰਦੇ ਜਦੋਂ ਵਿਦੇਸ਼ ਚਲੇ ਜਾਂਦੇ ਹਨ ਤਾਂ ਪਿੰਡਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੁੰਦੇ ਹਨ ਜਿਸ ਕਰ ਕੇ ਵਿਦੇਸ਼ ਜਾਣ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।
ਪੰਜਾਬ ’ਚ ਇਸ ਵੇਲੇ 13,238 ਸਰਪੰਚ ਅਤੇ 83,437 ਪੰਚਾਇਤ ਮੈਂਬਰ ਹਨ। ਕਾਫ਼ੀ ਗਿਣਤੀ ਵਿੱਚ ਸਰਪੰਚਾਂ ਦੇ ਧੀਆਂ-ਪੁੱਤ ਵਿਦੇਸ਼ ’ਚ ਹਨ ਜਿਨ੍ਹਾਂ ਕੋਲ ਸਰਪੰਚਾਂ ਦਾ ਆਉਣਾ-ਜਾਣਾ ਆਮ ਹੈ। ਮਹਿਕਮੇ ਨੇ ਪਹਿਲੀ ਵਾਰ ਅਜਿਹੀ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ ਪੰਚਾਂ ਲਈ ਵਿਦੇਸ਼ ਜਾਣ ਦੀ ਛੁੱਟੀ ਲਾਜ਼ਮੀ ਕਰਾਰ ਦਿੱਤੀ ਗਈ ਹੈ। ਅਜੇ ਇਹ ਸਪੱਸ਼ਟ ਨਹੀਂ ਕਿ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੇਅਰਮੈਨਾਂ ਜਾਂ ਮੈਂਬਰਾਂ ਲਈ ਵੀ ਪਹਿਲਾਂ ਛੁੱਟੀ ਲੈਣੀ ਲਾਜ਼ਮੀ ਹੋਵੇਗੀ ਜਾਂ ਨਹੀਂ।


