ਪੰਜਾਬ ਯੂਨੀਵਰਸਿਟੀ ਦੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ

0
225

ਪੰਜਾਬ ਯੂਨੀਵਰਸਿਟੀ ਦੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ’ਤੇ ਕਥਿਤ ਤੌਰ ’ਤੇ ਪੁਲੀਸ ਨਾਲ ਧੱਕਾ-ਮੁੱਕੀ ਦੇ ਦੋਸ਼ ਹੇਠ ਅਣਪਛਾਤੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੈਕਟਰ 31 ਦੇ ਥਾਣੇ ਵਿੱਚ ਦਰਜ ਐੱਫ ਆਈ ਆਰ ਅਨੁਸਾਰ ਧਾਰਾ 223 (ਬੀ ਐੱਨ ਐੱਸ) ਲੱਗੀ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਦੇ ਬੈਰੀਕੇਡ ਤੋੜ ਕੇ ਯੂਨੀਵਰਸਿਟੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੌਰਾਨ ਕਈ ਪੁਲੀਸ ਮੁਲਾਜ਼ਮਾਂ ਨੂੰ ਸੱਟਾਂ ਵੀ ਲੱਗੀਆਂ। ਅਜਿਹਾ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਵੱਲੋਂ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਹੋਇਆ ਸੀ। ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਸੰਘਰਸ਼ ਅੱਜ 15ਵੇਂ ਦਿਨ ਵੀ ਜਾਰੀ ਰਿਹਾ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਚੋਣਾਂ ਸਬੰਧੀ ਕੋਈ ਲਿਖਤੀ ਭਰੋਸਾ ਨਾ ਮਿਲਣ ਕਾਰਨ ਰੋਹ ਵਿੱਚ ਆਏ ਵਿਦਿਆਰਥੀਆਂ ਨੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ 20 ਨਵੰਬਰ ਨੂੰ ਪੰਜਾਬ ਦੀਆਂ ਸਾਰੀਆਂ ਲੋਕਤੰਤਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੱਦੀ ਗਈ ਹੈ, ਜਿਸ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਵਾਈਸ ਚਾਂਸਲਰ ਦਫ਼ਤਰ ਅੱਗੇ ਚੱਲ ਰਹੇ ਧਰਨੇ ਵਿੱਚ ਅੱਜ ਡੈਮੋਕਰੈਟਿਕ ਟੀਚਰਜ਼ ਫਰੰਟ, ਵਰਗ ਚੇਤਨਾ ਮੰਚ ਅਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਵਿਦਿਆਰਥੀਆਂ ਨੂੰ ਸਮਰਥਨ ਦਿੱਤਾ। ਇਸ ਮੌਕੇ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਦਿਗਵਿਜੈ ਪਾਲ ਸ਼ਰਮਾ ਨੇ ਸੈਨੇਟ ਦੇ ਜਮੂਹਰੀ ਢਾਂਚੇ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨਵੀਂ ਸਿੱਖਿਆ ਨੀਤੀ-2020 ਨੇ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਸਾਬਕਾ ਸੈਨਿਕ ਕ੍ਰਾਂਤਕਾਰੀ ਯੂਨੀਅਨ ਦੇ ਪਰਗਟ ਸਿੰਘ ਢੀਂਡਸਾ ਨੇ ਵੀ ਸੰਬੋਧਨ ਕੀਤਾ। ਧਰਨੇ ਦੌਰਾਨ ਸ਼ਾਮ ਨੂੰ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਢਾਡੀ ਦਰਬਾਰ ਵੀ ਲਾਇਆ ਗਿਆ, ਜਿਸ ਵਿੱਚ ਢਾਡੀਆਂ ਨੇ ਵਾਰਾਂ ਰਾਹੀਂ ਗੁਰੂ ਸਾਹਿਬ ਦੀ ਸ਼ਹੀਦੀ ਅਤੇ ਸਿੱਖ ਇਤਿਹਾਸ ’ਤੇ ਚਾਨਣਾ ਪਾਇਆ।

LEAVE A REPLY

Please enter your comment!
Please enter your name here