ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਅਦਾਲਤ ਨੇ ਡਾਇਰੈਟਰ ਜਨਰਲ ਆਫ ਪੁਲੀਸ ਨੂੰ ਕਿਹਾ ਸੀ ਕਿ ਜੇਲ੍ਹਾਂ ਨਾਲ ਜੁੜੇ ਸਾਰੇ ਮਾਮਲਿਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਅਧਿਕਾਰੀ ਨਿਯੁਕਤ ਕਰਨ। ਕਮਿਸ਼ਨਰੇਟ ਪੱਧਰ ’ਤੇ ਪੁਲੀਸ ਕਮਿਸ਼ਨਰ ਦੀ ਅਗਵਾਈ ਵਿੱਚ ਜਾਂਚ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਅਦਾਲਤ ਨੇ ਅੰਮ੍ਰਿਤਸਰ (ਦਿਹਾਤੀ) ਦੀ ਜੇਲ੍ਹ ਅਧਿਕਾਰੀਆਂ ਦੀ ਮਿਲੀ-ਭੁਗਤ ਸਬੰਧੀ ਜਾਂਚ ਵਿੱਚ ਲਾਪ੍ਰਵਾਹੀ ਵਰਤਣ ਲਈ ਝਾੜ-ਝੰਬ ਕੀਤੀ ਸੀ।
ਅਦਾਲਤ ਨੇ ਸਾਫ਼ ਨਿਰਦੇਸ਼ ਦਿੱਤੇ ਸੀ ਕਿ ਐਸ.ਐਸ.ਪੀਜ਼ ਖ਼ੁਦ ਜਾਂਚ ਫਾਈਲ ਦੀ ਸਮੀਖਿਆ ਕਰਨ ਅਤੇ ਇਹ ਸਪੱਸ਼ਟ ਕਰਨ ਕਿ ਜੇਲ੍ਹ ਅਧਿਕਾਰੀਆਂ ਨੂੰ ਹੁਣ ਤੱਕ ਕਥਿਤ ਦੋਸ਼ੀ ਵਜੋਂ ਪੇਸ਼ ਕਿਉਂ ਨਹੀਂ ਕੀਤਾ ਗਿਆ।
ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਜੇਲ੍ਹ ਅਤੇ ਪੁਲੀਸ ਅਧਿਕਾਰੀਆਂ ਦੀ ਮਿਲੀ-ਭੁਗਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ। ਅਜਿਹੇ ਵਿੱਚ ਹੁਣ ਤੱਕ ਬਣੀਆਂ ਕਮੇਟੀਆਂ ਤੋਂ ਹਰ ਕੇਸ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਦੀ ਉਮੀਦ ਕੀਤੀ ਜਾ ਰਹੀ ਹੈ।
